ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਜੁਲਾਈ
ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਨੇ 31 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਸਿੱਖਿਆ ਵਿਭਾਗ ਵਿੱਚ ਪਿਛਲੀ ਕਾਂਗਰਸ ਸਰਕਾਰ ਵੱਲੋਂ ਜਾਰੀ 4161 ਅਸਾਮੀਆਂ ਵਿੱਚ ਵਾਧਾ ਕਰਵਾ ਕੇ ਪੇਪਰ ਲੈਣ ਦੀ ਮੰਗ ਕਰਦੇ ਆ ਰਹੇ ਬੇਰੁਜ਼ਗਾਰ ਅਧਿਆਪਕ ਪਿਛਲੇ ਦਿਨੀਂ ਸਿੱਖਿਆ ਮੰਤਰੀ ਪੰਜਾਬ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਖਫ਼ਾ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਚੋਣਂ ਤੋਂ ਪਹਿਲਂ ਆਮ ਆਦਮੀ ਪਾਰਟੀ ਨੇ ਬਹੁਤ ਵੱਡੇ ਧਰਵਾਸੇ ਦਿੱਤੇ ਸਨ ਪਰ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਤੋਂ ਕਿਨਾਰਾ ਕਰ ਲਿਆ ਹੈ। 22 ਜੁਲਾਈ ਨੂੰ ਪੈਨਲ ਮੀਟਿੰਗ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਜਿਕ ਸਿੱਖਿਆ, ਹਿੰਦੀ ਤੇ ਪੰਜਾਬੀ ਦੀਆਂ ਮਾਮੂਲੀ 1407 ਅਸਾਮੀਆਂ ਵਿਚ ਵਾਧੇ ਤੋਂ ਇਨਕਾਰ ਕਰ ਦਿੱਤਾ ਹੈ।