ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਗਸਤ
ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਸਾਂਝੇ ਤੌਰ ‘ਤੇ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਜ਼ਿਲਾ ਭਲਾਈ ਅਫ਼ਸਰ ਦੇ ਨਾਮ ਸੀਨੀਅਰ ਸਹਾਇਕ ਜਗਤਾਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਮਨਜੀਤ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ( ਸ਼ਹੀਦ ਰੰਧਾਵਾ) ਵੱਲੋਂ ਰਮਨ ਕਾਲਾਝਾੜ ਅਤੇ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਬਬਲੂ ਨੇ ਕਿਹਾ ਕਿ ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਸਮੇਤ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ ’ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ 10 % ਵਾਧਾ ਕੀਤਾ ਗਿਆ ਹੈ ਤੇ ਕਾਂਸਟੀਚੂਐਂਟ ਕਾਲਜਾਂ ’ਚ ਪੜ੍ਹਦੇ ਐੱਸਸੀ ਕੈਟਾਗਰੀ ਨਾਲ ਸਬੰਧਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸੰਬੰਧੀ ਵੀ ਫੁਰਮਾਨ ਜਾਰੀ ਕੀਤੇ ਗਏ ਹਨ। ਜਥੇਬੰਦੀਆਂ ਨੇ ਮੰਗ ਕੀਤੀ ਕਿ ਪੋਸਟ ਮ੍ਰੈਟਿਕ ਸਕਾਲਰਸ਼ਿੱਪ ਸਕੀਮ ਨੂੰ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿੱਚ ਸਹੀ ਢੰਗ ਨਾਲ ਲਾਗੂ ਕਰਵਾਇਆ ਜਾਵੇ। ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸਬੰਧੀ ਪੰਜਾਬੀ ਯੂਨੀਵਰਸਿਟੀ ਸਮੇਤ ਜਿਹੜੇ – ਜਿਹੜੇ ਸੰਗਰੂਰ ਜ਼ਿਲ੍ਹੇ ਦੇ ਕਾਲਜ ਐੱਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਮੰਗ ਰਹੇ ਹਨ, ਉਨ੍ਹਾਂ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।