ਪੱਤਰ ਪ੍ਰੇਰਕ
ਟੱਲੇਵਾਲ, 27 ਜੂਨ
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਬਾਦਲ ਪਰਿਵਾਰ ’ਤੇ ਨਿਸ਼ਾਨਾ ਸੇਧਿਆ ਹੈ। ਜਥੇਦਾਰ ਚੂੰਘਾਂ ਨੇ ਕਿਹਾ ਕਿ ਲੋਕ ਹੁਣ ਬਾਦਲ ਪਰਿਵਾਰ ਨੂੰ ਨਾਕਾਰ ਚੁੱਕੇ ਹਨ, ਕਿਉਂਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬ ਤੇ ਪੰਥ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ’ਚ ਬਾਦਲ ਪਰਿਵਾਰ ਨੇ ਜ਼ਮਾਨਤ ਜ਼ਬਤ ਕਰਵਾ ਕੇ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਵੀ ਤੌਹੀਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਹੁਣ ਬਾਦਲ ਪਰਿਵਾਰ ਨੂੰ ਅਕਾਲੀ ਦਲ ਦਾ ਖਹਿੜਾ ਛੱਡ ਦੇਣਾ ਚਾਹੀਦਾ ਹੈ।