ਪੱਤਰ ਪ੍ਰੇਰਕ
ਮਾਨਸਾ, 15 ਅਕਤੂਬਰ
ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਕਿਸਾਨਾਂ ਤੋਂ ਮੰਗ ਪੱਤਰ ਲੈਣ ਲਈ ਨਾ ਪਹੁੰਚਣ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਮਾਨਸਾ ਨੇੜਲੇ ਪਿੰਡ ਕੋਟਧਰਮੂ ਦੇ ਬੱਸ ਅੱਡੇ ਉੱਤੇ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਜਾਮ ਲਗਾਇਆ ਗਿਆ।
ਕਿਸਾਨਾਂ ਦੇ ਇਸ ਜਾਮ ਕਾਰਨ ਆਮ ਰਾਹਗੀਰਾਂ ਨੂੰ ਹਰਿਆਣਾ ਵਿੱਚ ਜਾਣ-ਆਉਣ ਲਈ ਵੱਡੀ ਦਿੱਕਤ ਖੜ੍ਹੀ ਹੋਣ ਲੱਗੀ ਤਾਂ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਬਾਅਦ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅੱਕਾਂਵਾਲੀ ਵੱਲੋਂ ਮੰਗ ਪੱਤਰ ਲਏ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਜਾਮ ਖੋਲ੍ਹਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬੇਮੁਹਾਰੇ ਮੀਂਹਾਂ ਕਾਰਨ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਦੇ ਮੁਆਵਜ਼ੇ, ਲੰਪੀ ਸਕਿਨ ਬਿਮਾਰੀ, ਝੋਨੇ ਦੀ ਪਰਾਲੀ ਸਾੜਨ ਸਬੰਧੀ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੀ ਰੋਕਥਾਮ ਲਈ ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਮੰਗ ਪੱਤਰ ਲੈਣ ਲਈ ਮਿੱਥੇ ਸਮੇਂ ’ਤੇ ਨਾ ਪਹੁੰਚਣ ਕਾਰਨ ਕਿਸਾਨ ਜਥੇਬੰਦੀ ਨੂੰ ਜਾਮ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਧਾਇਕ ਦੀ ਥਾਂ ਯੋਜਨਾ ਬੋਰਡ ਦੇ ਚੇਅਰਮੈਨ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਲੈਣ ਤੋਂ ਬਾਅਦ ਵਿਧਾਇਕ ਦੇ ਬਾਹਰ ਹੋਣ ਦੀ ਗੱਲ ਦੱਸੀ ਤਾਂ ਜਥੇਬੰਦੀ ਵੱਲੋਂ ਜਾਮ ਖੋਲ੍ਹਿਆ ਗਿਆ। ਬਾਅਦ ਵਿੱਚ ਜਥੇਬੰਦੀ ਨੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਨੂੰ ਕਿਸਾਨੀ ਮਾਮਲਿਆਂ ਬਾਰੇ ਘੇਰਨ ਦਾ ਐਲਾਨ ਕੀਤਾ। ਇਸ ਮੌਕੇ ਹਰਬੰਸ ਸਿੰਘ ਟਾਡੀਆਂ, ਕੁਲਦੀਪ ਸਿੰਘ, ਬਲਕਾਰ ਸਿੰਘ, ਬੰਟੀ ਸਿੰਘ ਬਹਿਣੀਵਾਲ, ਰਾਜ ਸਿੰਘ ਅਕਲੀਆਂ, ਹਰਦੇਵ ਸਿੰਘ ਬੁਰਜ ਰਾਠੀ, ਧਰਮ ਸਿੰਘ ਦਲੀਏਵਾਲੀ, ਸ਼ਿੰਦਰਪਾਲ ਕੌਰ ਨੇ ਵੀ ਸੰਬੋਧਨ ਕੀਤਾ।