ਨਵੀਂ ਦਿੱਲੀ, 27 ਜੂਨ
ਸਨਅਤਕਾਰ ਮੁਕੇਸ਼ ਅੰਬਾਨੀ ਤੇ ਉਸ ਦੇ ਪਰਿਵਾਰ ਨੂੰ ਮੁੰਬਈ ’ਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਫ਼ੈਸਲੇ ਖ਼ਿਲਾਫ਼ ਦਾਇਰ ਜਨਹਿਤ ਪਟੀਸ਼ਨ ’ਤੇ ਤ੍ਰਿਪੁਰਾ ਹਾਈ ਕੋਰਟ ਦੇ ਹੁਕਮਾਂ ਨੂੰ ਕੇਂਦਰ ਵੱਲੋਂ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ ਹੋ ਗਿਆ ਹੈ। ਸੁਪਰੀਮ ਕੋਰਟ 28 ਜੂਨ ਨੂੰ ਇਸ ਮਸਲੇ ’ਤੇ ਸੁਣਵਾਈ ਕਰੇਗਾ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਵੈਕੇਸ਼ਨ ਬੈਂਚ ਨੂੰ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਹਾਈ ਕੋਰਟ ਨੂੰ ਅਜਿਹੀ ਪਟੀਸ਼ਨ ’ਤੇ ਸੁਣਵਾਈ ਕਰਨ ਦਾ ਅਧਿਕਾਰ ਨਹੀਂ ਹੈ ਕਿਉਂਕਿ ਕੇਂਦਰ ਵੱਲੋਂ ਮਹਾਰਾਸ਼ਟਰ ਸਰਕਾਰ ਦੀ ਸਿਫ਼ਾਰਸ਼ ’ਤੇ ਅੰਬਾਨੀਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਫ਼ੈਸਲੇ ਨਾਲ ਸੂਬਾ ਸਰਕਾਰ ਦਾ ਕੋਈ ਲੈਣਾ ਦੇਣਾ ਨਹੀਂ ਹੈ। ਮਹਿਤਾ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਮਸਲੇ ’ਤੇ ਜਲਦੀ ਸੁਣਵਾਈ ਹੋਵੇ ਕਿਉਂਕਿ ਹਾਈ ਕੋਰਟ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੂੰ ਮੰਗਲਵਾਰ ਲਈ ਸੰਮਨ ਕਰ ਚੁੱਕਾ ਹੈ। -ਪੀਟੀਆਈ