ਪੱਤਰ ਪ੍ਰੇਰਕ
ਮਾਨਸਾ, 28 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪਿਛਲੇ 4 ਸਾਲਾਂ ’ਚ ਪੂਰਾ ਨਹੀਂ ਕੀਤਾ ਤੇ ਹੁਣ ਇਨ੍ਹਾਂ ਵਾਅਦਿਆਂ ਨੂੰ ਨਿਭਾਉਣ ਲਈ ਅਗਲੇ ਦਿਨਾਂ ’ਚ ਆ ਰਹੇ ਬਜਟ ਦੌਰਾਨ ਇੱਕ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮੌਕੇ ਵੋਟਰਾਂ ਨਾਲ ਕੀਤੇ ਗਏ ਸਾਰੇ ਵਾਅਦਿਆਂ ਤੋਂ ਜਿਵੇਂ ਕੇਂਦਰ ਸਰਕਾਰ ਨੇ ਮੁੱਖ ਮੋੜ ਲਿਆ ਹੈ, ਉਸੇ ਤਰ੍ਹਾਂ ਹੀ ਪੰਜਾਬ ਦੀ ਕੈਪਟਨ ਸਰਕਾਰ ਨੇ ਦਿੱਤੇ ਭਰੋਸਿਆਂ ਤੋਂ ਆਪਣਾ ਮੂੰਹ ਮੋੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ, ਖੇਤ ਮਜ਼ਦੂਰ, ਵਪਾਰੀ, ਸਨਅਤਕਾਰ, ਦੁਕਾਨਦਾਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ ਤੇ ਦਲਿਤ ਵਰਗ ਗਹਿਰੀ ਨਿਰਾਸ਼ਾ ਵਿੱਚੋਂ ਗੁਜ਼ਰ ਰਿਹਾ ਹੈ, ਜਿਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਆਪਣੇ ਬਜਟ ’ਚ ਸਾਰੇ ਫੈਸਲੇ ਕਰਨੇ ਚਾਹੀਦੇ ਹਨ। ਉਹ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਢੀਂਡਸਾ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਨੇ ਆਮ ਲੋਕਾਂ ਦੀ ਕਮਰ ਤੋੜ ਰੱਖੀ ਹੈ ਤੇ ਪੰਜਾਬ ਸਮੇਤ ਸਾਰੇ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ’ਚ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਕੈਪਟਨ ਸਰਕਾਰ ਨੇ ਉਨ੍ਹਾਂ ਲਈ ਕੁਝ ਨਹੀਂ ਕੀਤਾ ਹੈ ਤੇ ਨੌਜਵਾਨ ਆਪਣੀਆਂ ਜਾਇਦਾਦਾਂ ਵੇਚਕੇ ਵਿਦੇਸ਼ਾਂ ਨੂੰ ਜਾਣ ਲੱਗੇ ਹਨ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਦੇ ਸਾਰੇ ਸੂਬਿਆਂ ’ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਉਠੀ ਹੋਈ ਹੈ ਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਦੀ ਕਰਜ਼ਿਆਂ ਨੂੰ ਮੁਆਫ਼ ਕਰਨ ਦੇ ਕੀਤੇ ਵਾਅਦਿਆਂ ਨੂੰ ਲਾਗੂ ਕਰਕੇ ਅੰਨਦਾਤਾ ਨੂੰ ਬਚਾਉਣ ਲਈ ਮੁਲਕ ਵਿੱਚ ਸਭ ਤੋਂ ਪਹਿਲਾਂ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਸੰਤਾਪ ਝੱਲਣ ਲਈ ਪੰਜਾਬ ’ਚ ਬਾਦਲਾਂ ਦਾ ਪਰਿਵਾਰ ਸਭ ਤੋਂ ਵੱਡਾ ਕਸੂਰਵਾਰ ਹੈ, ਜਿਨ੍ਹਾਂ ਦੇ ਮੋਦੀ ਨਾਲ ਹੇਜ਼ ਕਾਰਨ ਕੋਈ ਵੀ ਆਵਾਜ਼ ਨਾ ਉਠਾਉਣ ਨੇ ਦੇਸ਼ ਦੀਆਂ ਹੋਰ ਖੇਤਰੀ ਪਾਰਟੀਆਂ ਦੀ ਜ਼ੁਬਾਨ ਵੀ ਬੰਦ ਕਰਵਾਈ ਰੱਖੀ ਹੈ। ਉਨ੍ਹਾਂ ਕਿਹਾ ਕਿ ਦੇਸ਼ ’ਚ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਕਰਨ ਵਾਲੇ ਅਕਾਲੀ ਦਲ ਨੇ ਸੰਸਦ ’ਚ ਚੁੱਪ ਧਾਰ ਕੇ ਦੇਸ਼ ਦਾ ਵੱਡਾ ਨੁਕਸਾਨ ਕੀਤਾ ਹੈ।