ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਜੁਲਾਈ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਡੀ.ਸੀ. ਕੰਪਲੈਕਸ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਵਫ਼ਦ ਵੱਲੋਂ ਪੰਜਾਬ ਸਰਕਾਰ ਦੇ ਨਾਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੂਬਾ ਕਮੇਟੀ ਵੱਲੋਂ ਜਲਦ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਰਾਕੇਸ ਸ਼ਰਮਾ ਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਤੇ ਪ੍ਰੈੱਸ ਸਕੱਤਰ ਅਨੁਜ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਵੇਲੇ ਮੁਲਾਜ਼ਮ ਵਰਗ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ ਤੇ ਜੇ ਮਨਿਸਟਰੀਅਲ ਜਥੇਬੰਦੀ ਦੇ ਆਗੂਆਂ ਨਾਲ ਸਰਕਾਰ ਵੱਲੋਂ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਹੈ ਤਾਂ ਸੂਬਾ ਕਮੇਟੀ ਵੱਲੋਂ ਜਲਦ ਹੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 01-01-2016 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਤਰੱਕੀ ਉਪਰੰਤ 6ਵੇਂ ਤਨਖਾਹ ਕਮਿਸ਼ਨ ਤਰੱਕੀ ਦੀ ਮਿਤੀ ਤੋਂ ਆਪਟ ਕਰਨਾ, 6ਵੇਂ ਤਨਖਾਹ ਕਮਿਸ਼ਨ ਦੀ ਲਾਗੂ ਕੀਤੀ ਰਿਪੋਰਟ ’ਚ ਸੋਧ ਕਰਨ ਉਪਰੰਤ 2011 ਵਿੱਚ ਸੋਧੇ ਸਕੇਲਾਂ ਨੂੰ ਬਰਕਰਾਰ ਰੱਖਣਾ, ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦਾ ਹੀ ਪੇਅ ਕਮਿਸ਼ਨ ਲਾਗੂ ਕਰਨਾ, ਏਸੀਪੀ ਸਕੀਮ ਦਾ ਲਾਭ ਬਰਕਰਾਰ ਰੱਖਣਾ, 6ਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਜਾਰੀ ਕਰਨਾ, ਮਹਿੰਗਾਈ ਭੱਤੇ ਦੀਆਂ ਰੋਕੀਆਂ ਕਿਸ਼ਤਾਂ ਲਾਗੂ ਕਰਨਾ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕਰਨਾ, ਪਰਖ ਕਾਲ ਸਮਾਂ 2 ਸਾਲ ਕਰਨਾ, 20 ਸਾਲ ਦੀ ਸਰਵਿਸ ’ਤੇ ਪੂਰੇ ਸੇਵਾਮੁਕਤੀ ਲਾਭ ਦੇਣਾ, ਸਿਵਲ ਸਕੱਤਰੇਤ ਦੇ ਆਧਾਰ ’ਤੇ ਸੂਬੇ ਦੇ ਫੀਲਡ ਮਨਿਸਟੀਰੀਅਲ ਮੁਲਾਜਮਾਂ ਨੂੰ ਸਪੈਸ਼ਲ ਪੇਅ ਦੇਣਾ ਆਦਿ ਮੁੱਖ ਤੌਰ ਤੇ ਸ਼ਾਮਲ ਹਨ। ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਵਿੱਤ ਮੰਤਰੀ ਵੱਲੋਂ ਸਰਕਾਰ ਨਾਲ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਬਲਵਿੰਦਰ ਅੱਤਰੀ ਚੇਅਰਮੈਨ ਡੀਸੀ ਦਫ਼ਤਰ, ਤਰਸੇਮ ਭੱਠਲ ਪ੍ਰਧਾਨ ਜ਼ਿਲ੍ਹਾ ਬਰਨਾਲਾ, ਅਮਰੀਕ ਸਿੰਘ ਪੂਨੀਆ ਸੀਨੀਅਰ ਮੀਤ ਪ੍ਰਧਾਨ ਵੀ ਹਾਜ਼ਰ ਸਨ।