ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੰਤਰੀ ਵਜੋਂ ਕੰਮ ਅਤੇ ਫੀਡਬੈਕ ਲਈ ਪੰਜਾਬ ਦੌਰੇ ਦੀ ਰਸ਼ਮੀ ਸ਼ੁਰੂਆਤ ਅੱਜ ਪਟਿਆਲਾ ਤੋਂ ਕੀਤੀ ਗਈ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਸ਼ਹਿਰੀ ਰਿਹਾਇਸ਼ੀ ਖੇਤਰਾਂ ’ਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ, ਸ਼ਹਿਰੀ ਵਿਕਾਸ ਯੋਜਨਾਬੱਧ ਢੰਗ ਨਾਲ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਨਵੀਂ ਯੋਜਨਾਬੱਧ ਟਾਊਨਸ਼ਿਪ ਲਿਆਉਣ ਪ੍ਰਤੀ ਪਿਛਲੀਆਂ ਸਰਕਾਰਾਂ ਦੀ ਮਾੜੀ ਪਹੁੰਚ ਹੀ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਗ਼ੈਰਕਾਨੂੰਨੀ ਕਲੋਨੀਆਂ ਅਤੇ ਬੇਤਰਤੀਬੇ ਵਿਕਾਸ ਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਸੂਬੇ ਵਿੱਚ 14 ਹਜ਼ਾਰ ਤੋਂ ਵੀ ਵੱਧ ਅਣਅਧਿਕਾਰਤ ਕਲੋਨੀਆਂ ਵਧ ਗਈਆਂ। ਇਸ ਮੁੱਦੇ ਨਾਲ ਜਲਦੀ ਹੀ ਨਜਿੱਠ ਲਿਆ ਜਾਵੇਗਾ।
ਇਸ ਮੌਕੇ ਹੀ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਲੋਕ ਸ਼ਹਿਰਾਂ ਦੀ ਹਾਲਤ ਵਿੱਚ ਜਬਰਦਸਤ ਸੁਧਾਰ ਦੇਖਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਯੂਐਨ ਪ੍ਰਤੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਪੰਜਾਬ ਜਲਦੀ ਹੀ ਨਵਿਆਉਣਯੋਗ ਊਰਜਾ ਵਿੱਚ ਪਹਿਲੇ ਨੰਬਰ ’ਤੇ ਆ ਜਾਵੇਗਾ। ਸੂਚਨਾ ਤੇ ਲੋਕ ਸੰਪਰਕ ਮੰਤਰੀ ਵਜੋਂ ਉਨ੍ਹਾਂ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਮਸਲਿਆਂ ਦੇ ਸੁਚੱਜੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਡਾ. ਬਲਬੀਰ ਸਿੰਘ, ਹਰਮੀਤ ਪਠਾਣਮਾਜਰਾ, ਗੁਰਲਾਲ ਘਨੌਰ ਤੇ ਕੁਲਵੰਤ ਬਾਜ਼ੀਗਰ ਤੇ ‘ਆਪ’ ਦੇ ਲੋਕ ਸਭਾ ਹਲਕਾ ਇੰਚਾਰਜ ਸਣੇ ਹੋਰ ਆਗੂ ਵੀ ਮੌਜੂਦ ਸਨ।