ਆਤਿਸ਼ ਗੁਪਤਾ
ਚੰਡੀਗੜ੍ਹ, 3 ਜੁਲਾਈ
ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਸੰਘਰਸ਼ ਜ਼ੋਰ ਫੜਦਾ ਜਾ ਰਿਹਾ ਹੈ। ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਜੇਜੇਪੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਹੁਣ ਮੁੱਖ ਮੰਤਰੀ ਦੇ ਆਪਣੇ ਹਲਕੇ ਕਰਨਾਲ ਵਿੱਚ ਭਾਜਪਾ ਦੇ ਝੰਡਿਆਂ ਦਾ ਵੀ ਵਿਰੋਧ ਹੋਣ ਲੱਗਾ ਹੈ। ਅੱਜ ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਦੌਰੇ ਤੋਂ ਪਹਿਲਾਂ ਖੰਡਾ ਚੌਕ ਵਿੱਚ ਲਗਾਏ ਭਾਜਪਾ ਦੇ ਝੰਡਿਆਂ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਉਤਾਰ ਦਿੱਤਾ ਤੇ ਤਿਰੰਗੇ ਝੰਡੇ ਲਾ ਦਿੱਤੇ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਅਤੇ ਦੋ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਿਨ੍ਹਾਂ ਨੂੰ ਬਾਅਦ ਵਿੱਚ ਛੱਡ ਦਿੱਤਾ ਗਿਆ।