ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਦਿਨੋਂ-ਦਿਨ ਵਧ ਤੇ ਫ਼ੈਲ ਰਹੇ ਸੰਘਰਸ਼ ਦੇ ਬਾਵਜੂਦ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨਾ ਮੋਦੀ ਹਕੂਮਤ ਦੀ ਦੇਸੀ- ਵਿਦੇਸ਼ੀ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀ ਬਹੁਕੌਮੀ ਕੰਪਨੀਆਂ ਨਾਲ ਗੂੜੀ ਸਾਂਝ ਤੇ ਵਫ਼ਾਦਾਰੀ ਦਾ ਮੂੰਹ ਬੋਲਦਾ ਸਬੂਤ ਹੈ। ਇਸ ਸਾਂਝ ਨੂੰ ਪੁਗਾਉਣ ਲਈ ਹੀ ਭਾਜਪਾ ਸਰਕਾਰ ਸੰਸਦ ਵਿੱਚ ਮਿਲੇ ਬਹੁਮੱਤ ਦਾ ਦੁਰਉਪਯੋਗ ਕਰ ਰਹੀ ਹੈ।
ਟਿਕਰੀ ਬਾਰਡਰ ’ਤੇ ਸੰਬੋਧਨ ਕਰਦਿਆਂ ਸ੍ਰੀ ਉਗਰਾਹਾਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਵਾਲੇ ਕਈ ਰਾਜਾਂ ਵਿੱਚ ਵੀ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਸਦਕਾ ਜਨਤਕ ਰੈਲੀਆਂ ’ਚੋਂ ਬਿਨਾ ਬੋਲੇ ਵਾਪਸ ਮੁੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਆਉਂਦੇ ਦਿਨਾਂ ਵਿਚ ਇਹ ਰੋਸ ਹੋਰ ਵਿਸ਼ਾਲ ਹੋਵੇਗਾ ਜੋ ਅਖ਼ੀਰ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਦੋਲਨ ਨੂੰ ਜਾਤਾਂ, ਧਰਮਾਂ ਤੇ ਇਲਾਕਿਆਂ ਤੋਂ ਉੱਪਰ ਉੱਠ ਕੇ ਕਾਲੇ ਕਾਨੂੰਨ ਰੱਦ ਕਰਾਉਣ ਤੇ ਗ੍ਰਿਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਾਉਣ ਵਰਗੀਆਂ ਮੰਗਾਂ ’ਤੇ ਕੇਂਦਰਿਤ ਰੱਖਣ ਲਈ ਤਾਣ ਜੁਟਾਉਣ। ਉਨ੍ਹਾਂ ਕਿਸਾਨਾਂ ਉੱਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੇ ਜਬਰ ਦੇ ਬਾਵਜੂਦ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ 27 ਫਰਵਰੀ ਨੂੰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਅਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਮੋਰਚੇ ’ਚ ਪਹੁੰਚਣ ਦੀ ਅਪੀਲ ਕੀਤੀ।
ਇਸ ਮੌਕੇ ਹਰਿਆਣਾ ਦੇ ਕਿਸਾਨ ਆਗੂ ਵੀਰੇਂਦਰ ਹੁੱਡਾ ਨੇ ਕਿਹਾ ਕਿ ਅਸਲੀ ਲੋਕਤੰਤਰ ਉਹੀ ਹੁੰਦਾ ਹੈ ਜਿੱਥੇ ਲੋਕਾਂ ਦੀ ਆਵਾਜ਼ ਸੁਣੀ ਜਾਂਦੀ ਹੈ ਪਰ ਕੁਰੂਕਸ਼ੇਤਰ ਵਿੱਚ ਰੈਲੀ ਕਰ ਰਹੇ ਕਿਸਾਨਾਂ ਨੂੰ ਰੋਕ ਕੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਣ ਦੀ ਕਾਰਵਾਈ ਕੀਤੀ ਹੈ।