ਨਵੀਂ ਦਿੱਲੀ, 30 ਜੂਨ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਬਿਆਨ ਦਿੱਤਾ ਕਿ ਕਾਂਗਰਸ ਸਰਕਾਰ ਹੁਣ ਪੰਜਾਬ ਦੇ ਲੋਕਾਂ ਲਈ ਢੁਕਵੀਂ ਸਰਕਾਰ ਨਹੀਂ ਰਹੀ। ਪੰਜਾਬ ਵਿੱਚ ਕਾਂਗਰਸ ਦੀ ਸਥਿਤੀ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਇਸ ਪਾਰਟੀ ’ਤੇ ਲੋਕਾਂ ਦਾ ਵਿਸ਼ਵਾਸ ਨਹੀਂ ਰਿਹਾ। ਇਸ ਦੌਰਾਨ ਸ੍ਰੀ ਸਿਸੋਦੀਆ ਨੇ ਕਿਹਾ, ‘ਦੇਸ਼ ਵਿੱਚ ਕਿਤੇ ਵੀ ਕਾਂਗਰਸ ਪਾਰਟੀ ਵਿੱਚ ਲੋਕਾਂ ਦਾ ਵਿਸ਼ਵਾਸ ਨਹੀਂ ਰਿਹਾ ਤੇ ਇਸ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਪਾਰਟੀ ਦੀ ਲੀਡਰਸ਼ਿਪ ਵੀ ਇੱਕ ਕਾਰਨ ਹੈ। ਜਦੋਂ ਵੀ ਕਿਤੇ ਕਾਂਗਰਸ ਨੂੰ ਕੰਮ ਕਰਨ ਦਾ ਮੌਕਾ ਮਿਲਿਆ ਹੈ, ਉਨ੍ਹਾਂ ਸਿਰਫ ਆਪਸ ਵਿੱਚ ਲੜਾਈ ਕਰਕੇ ਸਮਾਂ ਬਰਬਾਦ ਕੀਤਾ ਹੈ। ਇਸ ਲਈ ਕਾਂਗਰਸ ਹੁਣ ਲੋਕਾਂ ਲਈ ਢੁਕਵੀਂ ਪਾਰਟੀ ਨਹੀਂ ਰਹੀ ਹੈ।’ ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਜਾਂ ਮਾਰਚ ਮਹੀਨੇ ਵਿੱਚ ਹੋਣੀਆਂ ਤੈਅ ਕੀਤੀਆਂ ਗਈਆਂ ਹਨ। -ਪੀਟੀਆਈ