ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਜੂਨ
ਦਿ ਕਲਾਸ ਫੋਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਪਨਗਰੇਨ ਸੁਰੱਖਿਆ ਗਾਰਡਾਂ ਨੇ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਿੱਚ ਧਰਨਾ ਦਿੱਤਾ। ਇਸ ਮੌਕੇ ਮੁਲਾਜ਼ਮ ਆਗੂ ਰਣਜੀਤ ਸਿੰਘ ਰਾਣਵਾਂ ਅਤੇ ਅਮਰੀਕ ਸਿੰਘ ਦੁਲਮਾ ਨੇ ਦੱਸਿਆ ਕਿ ਪਨਗ੍ਰੇਨ ਵਿੱਚ ਆਊਟ ਸੋਰਸ ਅਧੀਨ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਕਿਉਰਿਟੀ ਗਾਰਡਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਜਦੋਂ ਇਸ ਸਬੰਧੀ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਤਾਂ ਪਤਾ ਲੱਗਾ ਕਿ ਜ਼ਿਲ੍ਹਾ ਅਧਿਕਾਰੀਆਂ ਤੇ ਠੇਕਾ ਕੰਪਨੀਆਂ ਵੱਲੋਂ ਸਮੇਂ ਸਿਰ ਹਾਜ਼ਰੀਆਂ ਅਤੇ ਤਨਖ਼ਾਹ ਦੇ ਬਿੱਲ ਜਮ੍ਹਾਂ ਨਾ ਕਰਵਾਏ ਜਾਣ ਕਾਰਨ ਤਨਖ਼ਾਹ ਨਹੀਂ ਮਿਲੀ। ਇਸ ’ਤੇ ਅੱਜ ਉਨ੍ਹਾਂ ਨੇ ਧਰਨਾ ਦਿੱਤਾ ਅਤੇ ਐਲਾਨ ਕੀਤਾ ਕਿ ‘ਤਨਖਾਹ ਨਹੀਂ ਤਾਂ ਕੰਮ ਨਹੀਂ’। ਇਸ ਮੌਕੇ ਨੇਤਰ ਸਿੰਘ, ਸ਼ਮਸ਼ੇਰ ਸਿੰਘ, ਜਸਪਾਲ ਸਿੰਘ, ਬੇਅੰਤ ਮੋਰਾਂਵਾਲੀ, ਜਸਵੀਰ ਸਿੰਘ ਨੇ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਰੋਕੀਆਂ ਤਨਖਾਹਾਂ ਤੁਰੰਤ ਦਿੱਤੀਆਂ ਜਾਣ।