ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਜੂਨ
ਝੋਨੇ ਲਈ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਕੀਤੀ ਗਈ ਅੱਠ ਘੰਟੇ ਬਿਜਲੀ ਸਪਲਾਈ ਵਿੱਚ ਵੀ ਕੱਟ ਲੱਗਣ ਕਾਰਨ ਅੱਜ ਕਿਸਾਨਾਂ ਨੇ ਵੱਖ ਵੱਖ ਖੇਤਰ ਵਿਚ ਸੜਕਾਂ ਜਾਮ ਕਰ ਦਿੱਤੀਆਂ। ਇਸ ਦੌਰਾਨ ਕੌਲੀ, ਮੁਹੱਬਤਪੁਰ ਤੇ ਫਤੇਪੁਰ ਸਮੇਤ ਕਈ ਹੋਰ ਪਿੰਡਾਂ ਦੇ ਲੋਕਾਂ ਨੇ ਪਟਿਆਲਾ-ਰਾਜਪੁਰਾ ਰੋਡ ’ਤੇ ਕੌਲੀ ਵਿਖੇ ਧਰਨਾ ਮਾਰ ਕੇ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਇਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਪਰ ਪੁਲੀਸ ਚੌਕੀ ਬਹਾਦਰਗੜ੍ਹ ਦੇ ਇੰਚਾਰਜ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਆਵਾਜਾਈ ਜਲਦੀ ਹੀ ਬਹਾਲ ਕਰਵਾ ਦਿੱਤੀ ਗਈ। ਇਸੇ ਤਰ੍ਹਾਂ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਜੀਤ ਸਿੰਘ ਚੌਹਟ ਦੀ ਅਗਵਾਈ ਹੇਠ ਪਟਿਆਲਾ-ਸਮਾਣਾ ਰੋਡ ‘ਤੇ ਸਥਿਤ ਚੌਂਹਠਖੇੜੀ ਕੋਲ ਵੀ ਕਿਸਾਨਾਂ ਨੇ ਬਿਜਲੀ ਦੀ ਨਾਕਸ ਸਪਲਾਈ ਦੇ ਖਿਲਾਫ ਧਰਨਾ ਲਾ ਕੇ ਆਵਾਜਾਈ ਠੱਪ ਕੀਤੀ। ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਿਆਲ ਦਾ ਕਹਿਣਾ ਹੈ ਕਿ ਜੇਕਰ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਜਲਦੀ ਹੀ ਵੱਡੇ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਹੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਦੀ ਅਗਵਾਈ ਹੇਠ ਵੀ ਕਿਸਾਨਾਂ ਨੇ ਦੇਵੀਗੜ੍ਹ ਕੋਲ ਸਥਿਤ ਘੱਗਰ ਦਰਿਆ ਦੇ ਪੁਲ ’ਤੇ ਧਰਨਾ ਮਾਰ ਕੇ ਪਟਿਆਲਾ ਪਿਹੇਵਾ ਰੋਡ ਜਾਮ ਕਰ ਦਿੱਤੀ।