ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੇਂਡੂ ਨੌਜਵਾਨਾਂ ਲਈ ਤਿੰਨ ਹਜ਼ਾਰ ਮਿਨੀ ਬੱਸ ਪਰਮਿਟਾਂ ਦੀ ਵੰਡ ਦੀ ਵਰਚੁਅਲ ਸ਼ੁਰੂਆਤ ਕਰਦੇ ਹੋਏ ‘ਸੀਮਾ ਰਹਿਤ ਮਿਨੀ ਬੱਸ ਪਰਮਿਟ ਪਾਲਿਸੀ’ ਦਾ ਐਲਾਨ ਕੀਤਾ, ਜਿਸ ਤਹਿਤ ਪੇਂਡੂ ਨੌਜਵਾਨਾਂ ਲਈ ਅਜਿਹੇ ਪਰਮਿਟਾਂ ਲਈ ਅਪਲਾਈ ਕਰਨ ਵਾਸਤੇ ਕੋਈ ਸਮਾਂ-ਸੀਮਾ ਨਹੀਂ ਹੈ। ਮੁੱਖ ਮੰਤਰੀ ਨੇ ਸੰਕੇਤਕ ਤੌਰ ’ਤੇ ਪੰਜ ਲਾਭਪਾਤਰੀਆਂ ਨੂੰ ਪਰਮਿਟ ਦਿੱਤੇ। ਉਨ੍ਹਾਂ ਦੱਸਿਆ ਕਿ ਭਾਵੇਂ ਕਿ ਅੱਜ 3,000 ਪਰਮਿਟ ਸੌਂਪੇ ਜਾ ਰਹੇ ਹਨ ਪਰ ਇਸ ਸਾਲ ਵਿੱਚ 8,000 ਪਰਮਿਟ ਹੋਰ ਜਾਰੀ ਕੀਤੇ ਜਾਣਗੇ। ਇਸ ਤਰ੍ਹਾਂ ਸਾਲ ਦੇ ਅੰਤ ਤੱਕ ਕੁੱਲ 11,000 ਪਰਮਿਟ ਵੰਡੇ ਜਾਣਗੇ। ਮੁੱੱਖ ਮੰਤਰੀ ਵੱਲੋਂ ਟਰਾਂਸਪੋਰਟ ਵਿਭਾਗ ਦੀ ਹਾਈਟੈੱਕ ਸੰਸਥਾ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕੈਪਟਨ ਅਮਰਿੰਦਰ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੇ ਬੱਸ ਪਰਮਿਟਾਂ ਦੀਆਂ ਅਰਜ਼ੀਆਂ ਦੀ ਪ੍ਰਾਪਤੀ ਅਤੇ ਅਗਲੇਰੀ ਪ੍ਰਕਿਰਿਆ ਲਈ ਅਗਲੇ ਤਿੰਨ ਮਹੀਨਿਆਂ ਵਿੱਚ ਵਰਤੋਂਕਾਰ ਪੱਖੀ ਆਨਲਾਈਨ ਸੁਵਿਧਾ ਸਿਰਜਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਨੂੰ ਬਿਨਾ ਕਿਸੇ ਮੁਸ਼ਕਿਲ ਦੇ ਆਨਲਾਈਨ ਅਪਲਾਈ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਲਗਪਗ 12,384 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਕਿਹਾ ਕਿ 15.50 ਕਰੋੜ ਰੁਪਏ ਦੀ ਲਾਗਤ ਨਾਲ ਵਹੀਕਲ ਲੋਕੇਸ਼ਨ ਟ੍ਰੈਕਿੰਗ (ਜੀਪੀਐੱਸ) ਡਿਵਾਈਸ ਪ੍ਰਾਜੈਕਟ ਮਹਿਲਾਵਾਂ ਅਤੇ ਬੱਚਿਆਂ ਲਈ ਯਾਤਰਾ ਨੂੰ ਵਧੇਰੇ ਸੁਰੱਖਿਅਤ ਬਣਾਏਗਾ। ਉਨ੍ਹਾਂ ਦੱਸਿਆ ਕਿ ਪਨਬੱਸ ਦੀਆਂ 100 ਫੀਸਦੀ ਬੱਸਾਂ ਅਤੇ ਪੀਆਰਟੀਸੀ ਦੀਆਂ 50 ਫੀਸਦੀ ਬੱਸਾਂ ਵਿੱਚ ਪਹਿਲਾਂ ਹੀ ਅਜਿਹੇ ਉਪਕਰਨ ਲਗਾਏ ਜਾ ਚੁੱਕੇ ਹਨ ਅਤੇ ਅਗਲੇ ਛੇ ਮਹੀਨਿਆਂ ਦੇ ਅੰਦਰ ਸਾਰੀਆਂ ਪੀਆਰਟੀਸੀ ਬੱਸਾਂ ਅੰਦਰ ਇਹ ਉਪਕਰਨ ਲਗਾ ਦਿੱਤੇ ਜਾਣਗੇ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪ੍ਰਾਈਵੇਟ ਬੱਸਾਂ ਵਿੱਚ ਵੀ ਜਲਦੀ ਹੀ ਜੀਪੀਐੱਸ ਲਗਾਏ ਜਾਣਗੇ