ਨਵੀਂ ਦਿੱਲੀ, 24 ਫਰਵਰੀ
ਉੱਤਰ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦਾ ‘ਬੇਸ਼ਰਮੀ’ ਨਾਲ ਬਚਾਅ ਰਹੀ ਹੈ। ਅੰਸਾਰੀ ਕਥਿਤ ਤੌਰ ’ਤੇ ਫਿਰੌਤੀ ਦੇ ਮਾਮਲੇ ਵਿੱਚ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦ ਹੈ। ਸਰਕਾਰ ਨੇ ਕਿਹਾ ਕਿ ਉਸ ਨੂੰ ਯੂਪੀ ਨਾ ਭੇਜ ਕੇ ਪੰਜਾਬ ਸਰਕਾਰ ਉਸ ਦਾ ਬਚਾਅ ਕਰ ਰਹੀ ਹੈ। ਯੂਪੀ ਵਿੱਚ ਉਸ ਖ਼ਿਲਾਫ ਕਈ ਮਾਮਲੇ ਹਨ। ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਆਰ ਸੁਭਾਸ਼ ਰੈਡੀ ਦੇ ਬੈਂਚ ਸਾਹਮਣੇ ਪੰਜਾਬ ਵੱਲੋਂ ਸੀਨੀਅਰ ਵਕੀਲ ਦੁਸ਼ਯੰਤ ਦਵੇ ਤੇ ਯੂਪੀ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ। ਸ੍ਰੀ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਦਵੇ ਦੀ ਸੁਣਵਾਈ ਮੁਲਤਵੀ ਕਰਨ ਦੀ ਅਪੀਲ ’ਤੇ ਕੋਈ ਇਤਰਾਜ਼ ਨਹੀਂ ਹੈ। ਅੰਸਾਰੀ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਪੇਸ਼ ਹੋਏ। ਅਦਾਲਤ ਨੇ ਮਾਮਲੇ ਦੀ ਸੁਣਵਾਈ 2 ਮਾਰਚ ਤੱਕ ਮੁਲਤਵੀ ਕਰ ਦਿੱਤੀ।