ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 23 ਜਨਵਰੀ
ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਦਿੱਲੀ-ਕਟੜਾ ਐਕਸਪ੍ਰੈਸ ਸੜਕ ਦਾ ਕਰਤਾਰਪੁਰ ਨੇੜੇ ਕੰਪਨੀ ਦੇ ਕਰਿੰਦਿਆਂ ਵੱਲੋਂ ਕਰਵਾਏ ਜਾ ਰਹੇ ਸਰਵੇਖਣ ਨੂੰ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੰਦ ਕਰਵਾ ਦਿੱਤਾ ਹੈ। ਟੀਮ ਨੂੰ ਦਿਆਲਪੁਰ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਨਵਨੀਤ ਸਿੰਘ ਛੀਨਾ ਨੇ ਦੱਸਿਆ ਕਿ ਟੀਮ ਕਣਕ ਅਤੇ ਆਲੂ ਦੀਆਂ ਫਸਲਾਂ ਦਾ ਨੁਕਸਾਨ ਕਰਦੇ ਹੋਏ ਸਰਵੇਖਣ ਕਰ ਰਹੀ ਸੀ। ਇਸ ਕਾਰਨ ਕਿਸਾਨਾਂ ਨੇ ਇਕੱਠੇ ਹੋ ਕੇ ਕੰਮ ਰੁਕਵਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਤਦ ਤੱਕ ਕਿਸਾਨ ਦਿੱਲੀ-ਕੱਟੜਾ ਸੜਕ ਲਈ ਸਰਵੇਖਣ ਨਹੀਂ ਹੋਣ ਦੇਣਗੇ। ਉਨ੍ਹਾਂ ਦੱਸਿਆ ਕਿ ਸਰਵੇਖਣ ਨਾ ਕਰਨ ਸਬੰਧੀ ਐੱਸਡੀਐੱਮ ਜਲੰਧਰ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਐਕਸਪ੍ਰੈੱਸ ਸੜਕ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਨਾਲ ਵੀ ਮੀਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੱਤਾ ਸੀ।
ਗੁਰਦਾਸਪੁਰ (ਜਤਿੰਦਰ ਬੈੰਸ): ਖੇਤੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲਵੇ ਸਟੇਸ਼ਨ ’ਤੇ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਐਲਾਨ ਕੀਤਾ ਕਿ 26 ਜਨਵਰੀ ਨੂੰ ਗੁਰਦਾਸਪੁਰ ’ਚ ਟਰੈਕਟਰ ਮਾਰਚ ਕੀਤਾ ਜਾਵੇਗਾ। ਅੱਜ ਕਿਸਾਨਾਂ ਦੇ ਪੱਕੇ ਮੋਰਚੇ ਨੂੰ 116ਵਾਂ ਅਤੇ ਲੜੀਵਾਰ ਭੁੱਖ ਹੜਤਾਲ ਦਾ 32ਵਾਂ ਦਿਨ ਸੀ। ਆਗੂਆਂ ਨੇ ਮੰਗ ਕੀਤੀ ਕਿ ਡੀਐੱਮਸੀ ਲੁਧਿਆਣਾ ਵਿਚ ਦਾਖਲ ਸਲਾਮਪੁਰ ਅਫਗਾਨਾ ਵਾਸੀ ਕਿਸਾਨ ਪ੍ਰਤਾਪ ਸਿੰਘ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾਵੇ। ਆਗੂਆਂ ਨੇ ਦੱਸਿਆ ਕਿ 24 ਜਨਵਰੀ ਨੂੰ ਰੇਲਵੇ ਸਟੇਸ਼ਨ ਵਿਚ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ।
ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ
ਸਰਵੇਖਣ ਕਰਨ ਆਈ ਟੀਮ ਦੇ ਅਧਿਕਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੇ ਵਿਰੋਧ ਕਾਰਨ ਕੰਮ ਬੰਦ ਕਰਕੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ।