ਖੇਤਰੀ ਪ੍ਰਤੀਨਿੱਧ
ਪਟਿਆਲਾ 9 ਸਤੰਬਰ
ਪੋਸ਼ਣ ਮਾਹ ਦੇ ਮੌਕੇ ’ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੰਤੁਲਿਤ ਖੁਰਾਕ, ਅਨੀਮੀਆ ਦੀ ਰੋਕਥਾਮ ਅਤੇ ਦਸਤਾਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਸਿਹਤ ਸਟਾਫ ਨੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀ ਅਭਿਆਨ ਤਹਿਤ ਸਿਹਤ ਸੰਸਥਾਵਾਂ ਵਿੱਚ ਲਗਾਏ ਕੈਂਪਾਂ ਦੌਰਾਨ ਗਰਭਵਤੀ ਮਾਵਾਂ ਅਤੇ ਛੋਟੇ ਬੱਚਿਆਂ ਦੇ ਟੀਕਾਕਰਨ ਬਾਰੇ ਜਾਗਰੂਕ ਕੀਤਾ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੀ ਮਾਵਾਂ ਨੂੰ ਬੱਚਿਆਂ ਦੀ ਸੰਤੁਲਿਤ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਖੁਰਾਕ ਬਾਰੇ ਜਾਗਰੂਕ ਕਰਕੇ ਉਨ੍ਹਾਂ ਨੂੰ ਸਿਹਤਮੰਦ ਜੀਵਣ ਜਿਊਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਜੀਵਨ ਵਿੱਚ ਖਾਣ ਪੀਣ ਵਾਲੀਆਂ ਵਸਤਾਂ ਦਾ ਖਾਸ ਧਿਆਨ ਰੱਖਣਾ ਜ਼ਰੂਰੀ ਹੈ। ਰੋਜ਼ਾਨਾ ਸਾਫ-ਸੁਥਰੀ, ਮਿਲਾਵਟ ਰਹਿਤ ਖੁਰਾਕ ਅਤੇ ਪੋਸ਼ਟਿਕ ਆਹਾਰ ਦਾ ਹੀ ਸੇਵਨ ਕਰਨਾ ਚਾਹੀਦਾ ਹੈ। ਡਾ. ਸੁਧਾ ਗਰੋਵਰ ਨੇ ਦੱਸਿਆ ਕਿ ਗਰਭਵਤੀ ਔਰਤ ਲਈ ਗਰਭ ਵਿੱਚ ਪਲ਼ ਰਹੇ ਬੱਚੇ ਦੀ ਤੰਦਰੁਸਤੀ ਲਈ ਚੰਗਾ ਸ਼ੁੱਧ ਆਹਾਰ ਲੈਣਾ ਜ਼ਰੂਰੀ ਹੈ। ਗਰਭਵਤੀ ਮਹਿਲਾਵਾਂ ਨੂੰ ਆਪਣੇ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ, ਪੀਲੇ ਫਲ਼, ਦੁੱਧ, ਆਂਡਾ, ਪਨੀਰ, ਸੋਇਆਬੀਨ ਆਦਿ ਦਾ ਜ਼ਿਆਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਲੋਹ ਤੱਤ ਭਰਪੂਰ ਫਲ ਅਤੇ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ।