ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਗਸਤ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਨਾਕੇ ਲਗਾ ਕੇ ਮੋਰਚੇ ’ਤੇ ਡਟੇ ਹੋਏ ਹਨ। ਪੰਜ ਰੋਜ਼ਾ ਨਾਕਿਆਂ/ਰੋਸ ਧਰਨਿਆਂ ਦੇ ਦੂਜੇ ਦਿਨ ਵੀ ਅਕਾਲੀ-ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਵੜਨ ਤੋਂ ਰੋਕਣ ਲਈ ਕਿਸਾਨਾਂ ਦੀ ਪਹਿਰੇਦਾਰੀ ਜਾਰੀ ਹੈ। ਇਨ੍ਹਾਂ ਰੋਸ ਧਰਨਿਆਂ ਵਿੱਚ ਕਿਸਾਨ ਖੇਤੀ ਆਰਡੀਨੈਸਾਂ ਦੇ ਹੱਕ ਵਿੱਚ ਭੁਗਤਣ ਵਾਲੇ ਅਕਾਲੀ-ਭਾਜਪਾ ਗੱਠਜੋੜ ਖ਼ਿਲਾਫ਼ ਗਰਜ਼ ਰਹੇ ਹਨ ਤੇ ਪੰਜਾਬ ਦੀ ਕੈਪਟਨ ਸਰਕਾਰ ਦੀ ਆਲੋਚਨਾ ਕਰ ਰਹੇ ਹਨ।
ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਬੀਬੀਆਂ ਵੀ ਕਿਸਾਨੀ ਸੰਘਰਸ਼ ’ਚ ਆਵਾਜ਼ ਬੁਲੰਦ ਕਰ ਰਹੀਆਂ ਹਨ ਅਤੇ ਨਾਕਿਆਂ ’ਤੇ ਪਹਿਰੇਦਾਰੀ ਕਰ ਰਹੀਆਂ ਹਨ। ਪਿੰਡ ਬਡਰੁੱਖਾਂ, ਕਨੋਈ ਅਤੇ ਗੱਗੜਪੁਰ ਵਿਚ ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ। ਬੁਲਾਰਿਆਂ ਨੇ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਜਿਥੇ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਭਾਜਪਾ ਨਾਲ ਭਾਈਵਾਲੀ ਨੂੰ ਨਿੱਜੀ ਹਿੱਤਾਂ ਵਾਲੀ ਕਰਾਰ ਦਿੱਤਾ ਗਿਆ। ਪਿੰਡ ਬਡਰੁੱਖਾਂ ਵਿੱਚ ਗੋਬਿੰਦਰ ਸਿੰਘ ਬਡਰੁੱਖਾਂ ਅਤੇ ਪਿੰਡ ਗੱਗੜਪੁਰ ਵਿੱਚ ਜਸਵੀਰ ਸਿੰਘ ਤੇ ਹਰੀ ਸਿੰਘ ਸਮੇਤ ਕਈ ਆਗੂਆਂ ਨੇ ਸੰਬੋਧਨ ਕੀਤਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੱਦੇ ’ਤੇ ਅੱਜ ਦੂਜੇ ਦਿਨ ਵੀ ਬਲਾਕ ਦੇ ਪਿੰਡਾਂ ਵਿੱਚ ਪੱਕੇ ਨਾਕੇ ਲਗਾ ਕੇ ਧਰਨੇ ਅਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਬਲਾਕ ਦੇ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਦਿਆਂ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸੇ ਦੌਰਾਨ ਅੱਜ ਯੂਨੀਅਨ ਦੀ ਅਗਵਾਈ ਹੇਠ ਬਲਾਕ ਦੇ ਸਭ ਤੋਂ ਵੱਡੇ ਪਿੰਡ ਘਰਾਚੋਂ ਵਿੱਚ ਵੀ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।