ਸੌਰਭ ਮਲਿਕ
ਚੰਡੀਗੜ੍ਹ, 26 ਅਗਸਤ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕਰੋਨਾਵਾਇਰਸ ਮਹਾਮਾਰੀ ਦਰਮਿਆਨ ਗਿੱਦੜਬਾਹਾ ਵਿੱਚ ਕੀਤੇ ਇਕ ਸਮਾਗਮ ਲਈ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤੇ ਜਾਣ ਤੋਂ ਇਕ ਮਹੀਨੇ ਮਗਰੋਂ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਵਿਧਾਇਕ ਖ਼ਿਲਾਫ਼ ਹੁਣ ਤਕ ਕੀਤੀ ਕਾਰਵਾਈ ਸਬੰਧੀ ਰਿਪੋਰਟ ਮੰਗ ਲਈ ਹੈ। ਜਸਟਿਸ ਐੱਚ.ਐੈੱਸ.ਮਦਾਨ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਸਰਕਾਰ ਦੇ ਵਕੀਲ ਨੂੰ ਸਵਾਲ ਪੁੱਛਿਆ ਹੈ ਕਿ ਕੀ ਵੜਿੰਗ ਤੇ ਇਕ ਹੋਰ ਨੂੰ ਜਾਂਚ ਵਿੱਚ ਸ਼ਾਮਲ ਕਰਕੇ ਉਨ੍ਹਾਂ ’ਤੇ ਲੱਗੇ ਦੋੋਸ਼ਾਂ ਸਬੰਧੀ ਪੁੱਛਪੜਤਾਲ ਕੀਤੀ ਗਈ ਹੈ। ਵੜਿੰਗ ਖ਼ਿਲਾਫ਼ ਮਹਾਮਾਰੀ ਰੋਗ ਐਕਟ ਦੀਆਂ ਵਿਵਸਥਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।