ਮਨੋਜ ਸ਼ਰਮਾ
ਬਠਿੰਡਾ, 26 ਅਗਸਤ
ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਇਸ ਲਈ ਸਿੱਖਿਆ ਵਿਭਾਗ ਦੇ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪਹਿਲੀ ਤੋਂ ਪੰਜਵੀਂ ਜਮਾਤਾਂ ਦੇ ਸਾਰੇ ਵਿਸ਼ਿਆਂ ਦੇ ਪੰਜਾਬ ਅਚੀਵਮੈਂਟ ਸਰਵੇ ਲਈ ਨਮੂਨਾ ਪ੍ਰਸ਼ਨ ਪੱਤਰ ਪੰਜਾਬ ਐਜੂਕੇਅਰ ਐਪ ਦੇ ਨਾਲ-ਨਾਲ ਵਿਭਾਗੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੇ ਗਏ ਹਨ। ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਜਗਤਾਰ ਸਿੰਘ ਕੁਲੜੀਆ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੀਆਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਜਮਾਤ ਅਨੁਸਾਰ ਰਾਸ਼ਟਰੀ ਪੱਧਰ ’ਤੇ ਨਿਰਧਾਰਿਤ ਸਿੱਖਣ ਪਰਿਣਾਮਾਂ ਸਬੰਧੀ ਪੰਜਾਬ ਅਚੀਵਮੈਂਟ ਸਰਵੇ ਕਰਵਾਇਆ ਜਾ ਰਿਹਾ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਇਨ੍ਹਾਂ ਸਿੱਖਣ ਪਰਿਣਾਮਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਭਾਗ ਦੀ ਅਗਵਾਈ ਵਿੱਚ ਨਮੂਨੇ ਦੇ ਪ੍ਰਸ਼ਨ ਪੱਤਰ ਤਿਆਰ ਕੀਤੇ ਗਏ ਹਨ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਮੁਲਾਂਕਣ ਪੱਤਰਾਂ ਦੀ ਬਣਤਰ ਅਤੇ ਇਸ ਵਿੱਚ ਸ਼ਾਮਿਲ ਪ੍ਰਸ਼ਨਾਂ ਦੀਆਂ ਵੱਖ-ਵੱਖ ਵੰਨਗੀਆਂ ਸਬੰਧੀ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਹ ਨਮੂਨਾ ਪ੍ਰਸ਼ਨ ਮੁਲਾਂਕਣ ਪੱਤਰ ਪੰਜਾਬ ਐਜੂਕੇਅਰ ਅੇੈਪ ਅਤੇ ਵਿਭਾਗੀ ਵੈਬਸਾਈਟ ’ਤੇ ਅਪਲੋਡ ਕੀਤੇ ਗਏ ਹਨ। ਇਸ ਸਬੰਧੀ ਪਹਿਲਾਂ ਹੀ ਹਰ ਹਫਤੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਨਿਰਧਾਰਿਤ ਸਿੱਖਣ ਪਰਿਣਾਮਾਂ ਸਬੰਧੀ ਆਨ ਲਾਈਨ ਕੁਇਜ਼ ਵਿੱਚ ਸਰਕਾਰੀ ਸਕੂਲਾ ਦੇ ਲੱਖਾਂ ਵਿਦਿਆਰਥੀ ਰੌਚਿਕਤਾ ਨਾਲ ਹਿੱਸਾ ਲੈ ਰਹੇ ਹਨ।