ਬੰਗਲੁਰੂ: ਕਰਨਾਟਕ ਸਰਕਾਰ ਨੇ ਬੰਗਲੁਰੂ ਵਿੱਚ ਪਿਛਲੇ ਹਫ਼ਤੇ ਹਿੰਸਾ ਦੌਰਾਨ ਹੋਏ ਨੁਕਸਾਨ ਦਾ ਮੁਲਾਂਕਣ ਕਰਾਉਣ ਅਤੇ ਨੁਕਸਾਨ ਦੀ ਭਰਪਾਈ ਦੋਸ਼ੀਆਂ ਤੋਂ ਕਰਾਉਣ ਲਈ ‘ਦਾਅਵਾ ਕਮਿਸ਼ਨਰ’ ਦੀ ਨਿਯੁਕਤੀ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਹਿੰਸਕ ਵਾਰਦਾਤਾਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਲਾਉਣ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਵਿੱਢ ਦਿੱਤੀ ਗਈ ਹੈ। ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਗ੍ਰਹਿ ਮੰਤਰੀ ਬਿਸਵਾਰਾਜ ਬੋਮਈ ਅਤੇ ਸੂਬੇ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਬੈਠਕ ਮਗਰੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਦਾਅਵਾ ਕਮਿਸ਼ਨਰ ਦੀ ਨਿਯੁਕਤੀ ਲਈ ਹਾਈ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ, ਜਿਸ ਵਲੋਂ ਨਿੱਜੀ ਅਤੇ ਸਰਕਾਰੀ ਸੰਪਤੀ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇਗਾ ਤਾਂ ਜੋ ਦੋਸ਼ੀਆਂ ਤੋਂ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। -ਪੀਟੀਆਈ