ਨਵੀਂ ਦਿੱਲੀ, 8 ਸਤੰਬਰ
ਰੂਸ ਦੇ ਦੌਰੇ ’ਤੇ ਜਾ ਰਹੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਤਹਿਰਾਨ ਵਿੱਚ ਰੁਕੇ ਅਤੇ ਉੱਥੇ ਉਨ੍ਹਾਂ ਨੇ ਆਪਣੇ ਇਰਾਨੀ ਹਮਰੁਤਬਾ ਜਵਾਦ ਜ਼ਰੀਫ਼ ਨਾਲ ਦੁਵੱਲੇ ਸਬੰਧਾਂ ਅਤੇ ਖੇਤਰੀ ਵਿਸ਼ਿਆਂ ਬਾਰੇ ਗੱਲਬਾਤ ਕੀਤੀ। ਵਿਦੇਸ਼ ਮੰਤਰੀ ਨੇ ਇਰਾਨੀ ਵਿਦੇਸ਼ ਮੰਤਰੀ ਨਾਲ ਆਪਣੀ ਮੁਲਾਕਾਤ ਨੂੰ ਉਪਯੋਗੀ ਕਰਾਰ ਦਿੱਤਾ। ਉਨ੍ਹਾਂ ਨੇ ਟਵੀਟ ਕੀਤਾ, ‘‘ਤਹਿਰਾਨ ਵਿਚ ਰੁਕਣ ਦੌਰਾਨ ਇਰਾਨੀ ਵਿਦੇਸ਼ ਮੰਤਰੀ ਜਵਾਦ ਜ਼ਰੀਫ਼ ਨਾਲ ਮਹੱਤਵਪੂਰਨ ਮੁਲਾਕਾਤ ਹੋਈ। ਇਸ ਦੌਰਾਨ ਦੋ-ਪੱਖੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਗੱਲਬਾਤ ਹੋਈ ਅਤੇ ਖੇਤਰੀ ਘਟਨਾਵਾਂ ਦਾ ਜਾਇਜ਼ਾ ਲਿਆ ਗਿਆ। ਵਧੀਆ ਮਹਿਮਾਨਨਿਵਾਜ਼ੀ ਲਈ ਉਨ੍ਹਾਂ ਦਾ ਧੰਨਵਾਦ।’’
ਉਧਰ, ਇਰਾਨੀ ਵਿਦੇਸ਼ ਮੰਤਰਾਲੇ ਨੇ ਟਵੀਟ ਵਿਚ ਕਿਹਾ ਕਿ ਦੋਵਾਂ ਦੇਸ਼ਾਂ ਨੇ ਦੋ ਪੱਖੀ ਸਬੰਧਾਂ ਨੂੰ ਹਰੇਕ ਸੰਦਰਭ ਵਿਚ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਜਾਣਕਾਰੀ ਅਨੁਸਾਰ ਦੋਵਾਂ ਵਿਦੇਸ਼ ਮੰਤਰੀਆਂ ਨੇ ਚਾਹਬਹਾਰ ਬੰਦਰਗਾਹ ਪ੍ਰਾਜੈਕਟ ਅਤੇ ਖਾੜੀ ਖੇਤਰ ਦੇ ਹਾਲਾਤ ’ਤੇ ਚਰਚਾ ਕੀਤੀ। -ਪੀਟੀਆਈ