ਰਵੇਲ ਸਿੰਘ ਭਿੰਡਰ
ਪਟਿਆਲਾ, 16 ਅਗਸਤ
ਅਕਾਲੀ ਦਲ ‘ਅੰਮਿ੍ਤਸਰ‘, ਦਲ ਖਾਲਸਾ, ਯੁੂਨਾਈਟਿਡ ਅਕਾਲੀ ਦਲ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਸਾਂਝੇ ਤੌਰ ’ਤੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਇਥੇ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਕੋਲ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਰੋਸ ਪ੍ਰਗਟਾਇਆ ਗਿਆ। ਪੰਥਕ ਜਥੇਬੰਦੀਆਂ ਦਾ ਕਹਿਣਾ ਸੀ ਕਿ ਉਹ ਹਿੰਦੂ ਰਾਸ਼ਟਰ ਦੇ ਆਜ਼ਾਦੀ ਦਿਹਾੜੇ ਨੂੰ ਪ੍ਰਵਾਨ ਨਹੀਂ ਕਰਦੇ, ਲਿਹਾਜ਼ਾ ਕਾਲਾ ਦਿਵਸ ਮਨਾਉਣਾ ਪਿਆ ਹੈ।
ਇਸ ਸੰਕੇਤਕ ਰੋਸ ਪ੍ਰੋਗਰਾਮ ਵਿੱਚ ਅੰਮਿ੍ਤਸਰ ਅਕਾਲੀ ਦਲ ਵੱਲੋਂ ਪਾਰਟੀ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ, ਪੀ. ਏ. ਸੀ. ਮੈਂਬਰ ਹਰਭਜਨ ਸਿੰਘ ਕਸ਼ਮੀਰੀ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕਾਲੇ ਦਿਨ ਦਾ ਪ੍ਰੋਗਰਾਮ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਮਨਾਇਆ ਗਿਆ ਹੈੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿੱਖ ਕੌਮ ਅਜੇ ਗੁਲਾਮ ਹੈ, ਇਹ ਸਿੱਖ ਕੌਮ ਦੇ ਲਈ ਆਜਾਦੀ ਦਿਹਾੜਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਸਿੱਖ ਕੌਮ ਦੇ ਕੀਮਤੀ ਇਤਿਹਾਸ ਨਾਲ ਜਾਣੂ ਹੋਣ ਦੀ ਲੋੜ ਹੈ। ਇਸ ਮੌਕੇ ਆਗੂਆਂ ਨੇ ਹਿੰਦੂ ਰਾਸ਼ਟਰ ਮੁਰਦਾਬਾਦ ਆਦਿ ਦੇ ਨਾਅਰੇ ਵੀ ਲਗਾਏ।
ਜਲ ਸਪਲਾਈ ਠੇਕਾ ਮੁਲਾਜ਼ਮਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪਟਿਆਲਾ(ਗੁਰਨਾਮ ਸਿੰਘ ਅਕੀਦਾ) ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਕਾਮਿਆਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਸਮੂਹ ਠੇਕਾ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ, ਇਸ ਸਮੇਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੂੰ 31 ਸੂਬਾ ਆਗੂ ਵਰਿੰਦਰ ਸਿੰਘ ਮੋਮੀ ,ਹਾਕਮ ਧਨੇਠਾ ਜ਼ਿਲ੍ਹਾ ਆਗੂ ਗੁਰਚਰਨ ਸਿੰਘ, ਜੀਤ ਸਿੰਘ ਬਠੋਈ, ਟੇਕ ਚੰਦ, ਜ਼ਿਲ੍ਹਾ ਆਗੂ ਜਸਵੀਰ ਸਿੰਘ ਨੇ ਕਿਹਾ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਸਗੋਂ ਸਰਕਾਰ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਅਤੇ ਤਨਖਾਹ ਕਟੌਤੀਆ ਦੇ ਰਾਹ ਪਈ ਹੋਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰਹੇਗਾ।