ਨਵੀਂ ਦਿੱਲੀ, 24 ਅਗਸਤ
ਚੀਫ ਆਫ਼ ਡਿਫੈਂਸ ਸਟਾਫ (ਸੀ.ਡੀ.ਐੱਸ.) ਜਨਰਲ ਬਿਪਿਨ ਰਾਵਤ ਨੇ ਅੱਜ ਕਿਹਾ ਕਿ ਜੇ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ’ਤੇ ਅਪਰੈਲ ਵਾਲੀ ਸਥਿਤੀ ਅਤੇ ਸ਼ਾਂਤੀ ਬਹਾਲੀ ਲਈ ਵਿਆਪਕ ਗੱਲਬਾਤ ਦਾ ਕੋਈ ਸਕਾਰਾਤਮਕ ਨਤੀਜਾ ਨਹੀਂ ਨਿਕਲਦਾ ਤਾਂ ਭਾਰਤ ਫੌਜੀ ਬਦਲ ਤਲਾਸ਼ਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕਾਬਿਲੇਗੌਰ ਹੈ ਕਿ ਪੂਰਬੀ ਲੱਦਾਖ ਵਿਚ ਚੀਨ ਨਾਲ ਲੰਬੇ ਸਮੇਂ ਤੋਂ ਸਰਹੱਦੀ ਵਿਵਾਦ ਚੱਲ ਰਿਹਾ ਹੈ। ਜਨਰਲ ਰਾਵਤ, ਜੋ ਚੀਨ-ਭਾਰਤ ਸਰਹੱਦੀ ਮੁੱਦੇ ‘ਤੇ ਰਣਨੀਤੀ ਬਣਾਉਣ ਵਾਲੀ ਉੱਘੀ ਫੌਜੀ ਟੀਮ ਦਾ ਧੁਰਾ ਹਨ ਨੇ ਕਿਹਾ ਕਿ ਸਰਹੱਦੀ ਵਿਵਾਦ ਦੇ ਸ਼ਾਂਤੀਪੂਰਨ ਹਲ ਲਈ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਿੰਨ ਮਹੀਨਿਆਂ ਤੋਂ ਜਾਰੀ ਸਰਹੱਦੀ ਵਿਵਾਦ ਬਾਰੇ ਪੁੱਛੇ ਜਾਣ ’ਤੇ ਸ੍ਰੀ ਰਾਵਤ ਨੇ ਕਿਹਾ ਕਿ ਜੇ ਐਲਏਸੀ ’ਤੇ ਭਾਰਤ ਦੀ ਪਹਿਲਾਂ ਵਾਲੀ ਸਥਿਤੀ ਬਹਾਲੀ ਦੀਆਂ ਕੋਸ਼ਿਸ਼ਾਂ ਦਾ ਕੋਈ ਉਸਾਰੂ ਨਤੀਜਾ ਨਹੀਂ ਨਿਕਲਦਾ ਤਾਂ ਹਥਿਆਰਬੰਦ ਫੌਜ ਕਾਰਵਾਈ ਲਈ ਤਿਆਰ ਹੈ।
ਜਨਰਲ ਰਾਵਤ ਨੇ ਕਿਹਾ ਕਿ ਐਲਏਸੀ ਸਬੰਧੀ ਦੋਨਾਂ ਮੁਲਕਾਂ ਦੀਆਂ ਵੱਖਰੀਆਂ ਵੱਖਰੀਆਂ ਧਾਰਨਾਵਾਂ ਕਾਰਨ ਇਹ ਵਿਵਾਦ ਪੈਦਾ ਹੋਇਆ ਹੈ। ਸਰਹੱਦੀ ਵਿਵਾਦ ਹੱਲ ਕਰਨ ਲਈ ਭਾਰਤ ਅਤੇ ਚੀਨ ਵਿਚਾਲੇ ਬੀਤੇ ਢਾਈ ਮਹੀਨਿਆਂ ਵਿੱਚ ਫੌਜੀ ਅਤੇ ਕੂਟਨੀਤਕ ਪੱਧਰ ’ਤੇ ਗੱਲਬਾਤ ਦੇ ਕਈ ਗੇੜ ਮੁਕੰਮਲ ਹੋ ਚੁੱਕੇ ਹਨ ਪਰ ਹਾਲੇ ਤਕ ਇਸ ਦੇ ਉਸਾਰੂ ਨਤੀਜੇ ਸਾਹਮਣੇ ਨਹੀਂ ਆਏ। ਵੀਰਵਾਰ ਨੂੰ ਦੋਵਾਂ ਧਿਰਾਂ ਵਿਚਾਲੇ ਕੂਟਨੀਤਕ ਪੱਧਰ ’ਤੇ ਮੁੜ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਉਹ ਬਕਾਇਆ ਮੁੱਦਿਆਂ ਨੂੰ ਤੇਜ਼ੀ ਨਾਲ ਅਤੇ ਮੌਜੂਦਾ ਸਮਝੌਤਿਆਂ ਅਤੇ ਪ੍ਰੋਟੋਕਾਲ ਤਹਿਤ ਹੱਲ ਕਰਨ ਲਈ ਸਹਿਮਤ ਹੋਏ ਹਨ।
ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਰਾਵਤ ਅਤੇ ਤਿੰਨੇ ਫੌਜਾਂ ਦੇ ਮੁਖੀ ਪੂਰਬੀ ਲੱਦਾਖ ਵਿਚ ਪੈਦਾ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਭਾਰਤ ਦੀਆਂ ਫੌਜੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਆਪਸ ਵਿੱਚ ਮਿਲਦੇ ਰਹਿੰਦੇ ਹਨ। -ਪੀਟੀਆਈ