ਪੱਤਰ ਪ੍ਰੇਰਕ
ਬਠਿੰਡਾ, 30 ਅਗਸਤ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬੇ ਅੰਦਰ ਔਰਤਾਂ ਉਪਰ ਕੀਤੇ ਜਾ ਰਹੇ ਤਸ਼ੱਦਦ ਤੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਇਹ ਮਾਮਲਾ ਹੁਣ ਦਿੱਲੀ ਤੱਕ ਉਠਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਪੀੜਤ ਔਰਤਾਂ ਨੂੰ ਇਨਸਾਫ ਦਿਵਾਇਆ ਜਾ ਸਕੇ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ 3 ਸਤੰਬਰ ਨੂੰ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਮ ਚਿੱਠੀਆਂ ਲਿਖ ਕੇ ਭੇਜੀਆਂ ਜਾਣਗੀਆਂ ਤੇ ਉਨ੍ਹਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੋਨੀਆ ਗਾਂਧੀ ਨੇ ਇਨਸਾਫ ਨਾ ਦੁਆਇਆ ਤਾਂ ਯੂਨੀਅਨ ਵੱਲੋਂ ਦਿੱਲੀ ਵਿੱਚ ਉਨ੍ਹਾਂ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਕੌਮੀ ਮਹਿਲਾ ਕਮਿਸ਼ਨ ਨੂੰ ਵੀ ਚਿੱਠੀਆਂ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 3 ਸਤੰਬਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਯੂਨੀਅਨ ਦਾ 21 ਮੈਂਬਰੀ ਵਫ਼ਦ ਮੰਗ ਪੱਤਰ ਦੇਵੇਗਾ ਤੇ ਇਹ ਮੰਗ ਪੱਤਰ ਗ੍ਰਹਿ ਮੰਤਰੀ ਭਾਰਤ ਸਰਕਾਰ, ਮੁੱਖ ਮੰਤਰੀ ਪੰਜਾਬ, ਡੀਜੀਪੀ ਪੰਜਾਬ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੇ ਨਾਮ ਦਿੱਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦ ਤਕ ਸੂਬੇ ਦੀਆਂ ਔਰਤਾਂ ਨੂੰ ਇਨਸਾਫ ਨਹੀਂ ਮਿਲਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।