ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 14 ਅਗਸਤ
ਉੜੀਸਾ ਦੇ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਵਿਧਾਇਕ ਦਿਲੀਪ ਰੇਅ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਪੁੱਜਣ ’ਤੇ ਪ੍ਰਬੰਧਕਾਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਵੱਲੋਂ ਸਾਬਕਾ ਕੋਲਾ ਰਾਜ ਮੰਤਰੀ ਦਿਲੀਪ ਰੇਅ ਅਤੇ ਉਨ੍ਹਾਂ ਦੀ ਪਤਨੀ ਨੀਲਿਮਾ ਰੇਅ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸੁਣਿਆ। ਇਸ ਮੌਕੇ ਸਾਬਕਾ ਮੰਤਰੀ ਦਿਲੀਪ ਰੇਅ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕਾਫੀ ਲੰਮਾ ਸਮਾਂ ਪਹਿਲਾਂ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਦੀ ਇੱਛਾ ਸੀ, ਜੋ ਅੱਜ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਮਗਰੋਂ ਮਗਰੋਂ ਪਵਿੱਤਰ ਸਰੋਵਰ ’ਚੋਂ ਜਲ ਪ੍ਰਾਪਤ ਕਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਮਨ ਨੂੰ ਸਕੂਨ ਮਿਲਿਆ ਹੈ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਗਗਨ ਬੈਂਸ, ਸੁਰਿੰਦਰ ਗਰਗ, ਅਨਿਲ ਗਰਗ ਆਦਿ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਸਾਬਕਾ ਕੇਂਦਰੀ ਰਾਜ ਮੰਤਰੀ ਦਿਲੀਪ ਰੇਅ ਭਾਜਪਾ ਵਜ਼ਾਰਤ ’ਚ ਕੋਲਾ ਤੇ ਖਾਣ ਰਾਜ ਮੰਤਰੀ ਰਹਿ ਚੁੱਕੇ ਹਨ ਅਤੇ ਹਲਕਾ ਰੁੜਕੇਲਾ ਤੋਂ ਵਿਧਾਇਕ ਵੀ ਹਨ।