ਪੱਤਰ ਪ੍ਰੇਰਕ
ਚੰਡੀਗੜ੍ਹ, 8 ਅਗਸਤ
ਪੰਜਾਬ ਯੂਨੀਵਰਸਿਟੀ ਵਿੱਚ ਫੀਸ ਵਾਧੇ ਦੇ ਵਿਰੋਧ ਵਿੱਚ ਅੱਜ ਵਿਦਿਆਰਥੀ ਜਥੇਬੰਦੀ ਅਖ਼ਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਯੂਨੀਵਰਸਿਟਂ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਪ੍ਰਧਾਨ ਹਰੀਸ਼ ਗੁੱਜਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ ਅਤੇ ਫਿਰ ਉਪ ਕੁਲਪਤੀ ਤੇ ਸਿੰਡੀਕੇਟ ਦਾ ਪੁਤਲਾ ਸਾੜ ਕੇ ਰੋਸ ਪ੍ਰਗਟਾਇਆ।
ਇਸ ਮੌਕੇ ਗੱਲਬਾਤ ਦੌਰਾਨ ਪ੍ਰਧਾਨ ਹਰੀਸ਼ ਗੁੱਜਰ ਨੇ ਕਿਹਾ ਕਿ ਬੀਤੇ ਦਿਨ ਜਥੇਬੰਦੀ ਵੱਲੋਂ ਦਿੱਤੇ ਗਏ ਧਰਨੇ ਉਪਰੰਤ ਮੈਨੇਜਮੈਂਟ ਨੇ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਅੱਜ ਸ਼ਨਿਚਰਵਾਰ ਨੂੰ ਸਿੰਡੀਕੇਟ ਦੀ ਫੀਸ ਕਮੇਟੀ ਦੀ ਮੀਟਿੰਗ ਕਰ ਕੇ ਫੀਸਾਂ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ। ਹੈਰਾਨੀ ਦੀ ਗੱਲ ਹੈ ਕਿ ਅੱਜ ਅਜਿਹੀ ਕੋਈ ਵੀ ਮੀਟਿੰਗ ਨਹੀਂ ਹੋਈ ਅਤੇ ਮੀਟਿੰਗਾਂ ਦਾ ਭਰੋਸਾ ਵੀ ਫ਼ਰਜ਼ੀ ਨਿਕਲਿਆ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਮੈਨੇਜਮੈਂਟ ਦੇ ਵਿਦਿਆਰਥੀਆਂ ਦੀਆਂ ਫੀਸਾਂ ਦੇ ਮੁੱਦੇ ’ਤੇ ਅਜਿਹੇ ਝੂਠੇ ਭਰੋਸਿਆਂ ਕਾਰਨ ਵਿਦਿਆਰਥੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਮੀਟਿੰਗ ਕਰ ਕੇ ਵਿਦਿਆਰਥੀਆਂ ਦੇ ਹੱਕ ਵਿੱਚ ਫੀਸਾਂ ਦਾ ਫ਼ੈਸਲਾ ਲਿਆ ਜਾਵੇੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹੱਲ ਨਹੀਂ ਕੱਢਿਆ ਜਾਂਦਾ ਉਦੋਂ ਤੱਕ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ।