ਨਵਕਿਰਨ ਸਿੰਘ
ਮਹਿਲ ਕਲਾਂ, 31 ਜੁਲਾਈ
ਕੇਂਦਰ ਸਰਕਾਰ ਦੀ ਸ਼ਹਿ ’ਤੇ ਪੰਜਾਬ ਸਰਕਾਰ ਦੇ ਇਸ਼ਾਰੇ ਤਹਿਤ ਐੱਨਆਈਏ ਤੇ ਪੰਜਾਬ ਪੁਲੀਸ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਐਕਟ (ਯੂਏਪੀਏ) ਤਹਿਤ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਅ) ਨੇ ਪੁਲੀਸ ਥਾਣਾ ਮਹਿਲ ਕਲਾਂ ਰਾਹੀਂ ਡੀਜੀਪੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਕਲ ਪ੍ਰਧਾਨ ਮਹਿੰਦਰ ਸਿੰਘ ਸਹਿਜੜਾ, ਬਲਦੇਵ ਸਿੰਘ ਗੰਗੋਹਰ, ਅਜੈਬ ਸਿੰਘ ਮਹਿਲ ਕਲਾਂ, ਚਮਕੌਰ ਸਿੰਘ ਅਤੇ ਜਗਰਾਜ ਮੂੰਮ ਨੇ ਕਿਹਾ ਕਿ ਕੇਂਦਰ ਸਰਕਾਰ ਧਾਰਮਿਕ ਘੱਟਗਿਣਤੀ ਸਿੱਖਾਂ ਨੂੰ ਆਏ ਦਿਨ ਕਿਸੇ ਨਾ ਕਿਸੇ ਕਾਲੇ ਕਾਨੂੰਨ ਦੇ ਬਹਾਨੇ ਜਲੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਰਾਜ ਵਿੱਚ ਦੋਹਰੇ ਮਾਪਦੰਡ ਹਨ, ਜਦ ਕੋਈ ਸਿੱਖ ਆਪਣੇ ਹੱਕ ਮੰਗਦਾ ਹੈ ਤਾਂ ਕੇਂਦਰ ਦੀ ਹਿੰਦੂਤਵੀ ਹਕੂਮਤ ਕੇਸ ਪਾਉਂਦੀ ਹੈ ਪਰ ਜਦ ਹਿੰਦੂਤਵੀ ਫਾਸ਼ੀਵਾਦੀ ਹਥਿਆਰਾਂ ਦੀ ਨੁਮਾਇਸ਼ ਕਰਦੇ ਹਨ, ਉਸ ਵੇਲੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਅਧਿਕਾਰ ਹੈ, ਇਸ ਲਈ ਸਰਕਾਰ ਗ੍ਰਿਫ਼ਤਾਰ ਕੀਤੇ ਸਾਰੇ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ।