ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਲੌਂਗੋਵਾਲ/ਸੰਗਰੂਰ, 20 ਅਗਸਤ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਗੁਰਦੁਆਰਾ ਕੈਂਬੋਵਾਲ ਵਿਖੇ ਸਾਦੇ ਢੰਗ ਨਾਲ ਮਨਾਈ ਗਈ। ਇਸ ਮੌਕੇ ਛੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਹੀਂ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ, ਰਾਜਨੀਤੀ ਤੇ ਧਰਮ ਦਾ ਸੁਮੇਲ ਹੈ। ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਰਾਜਨੀਤੀ ਵਿਚ ਆਉਣਾ ਵੀ ਸਿੱਖ ਧਰਮ ਦੀ ਮਰਿਆਦਾ ਅਨੁਸਾਰ ਜਾਇਜ਼ ਸੀ। ਊਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਧਰਮ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਲੋੜ ਹੈ। ਇਸ ਲਈ ਨੌਜਵਾਨ ਅੱਗੇ ਆਊਣ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਮਾਨਵੀ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਮਾਣਮੱਤੇ ਸੰਘਰਸ਼ਾਂ ਦੀ ਅਗਵਾਈ ਹੀ ਨਹੀਂ ਕੀਤੀ, ਸਗੋਂ ਕੌਮ ਅਤੇ ਪੰਥ ਲਈ ਬਲੀਦਾਨ ਵੀ ਦਿੱਤਾ।