ਖੇਤਰੀ ਪ੍ਰਤੀਨਿਧ
ਬਰਨਾਲਾ, 3 ਸਤੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਜਗਸੀਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਗੁਰੀ ਦੀ ਅਗਵਾਈ ਵਿੱਚ ਬਰਨਾਲਾ ਦੀ ਅਗਰਸੈਨ ਕਲੋਨੀ ’ਚ ਠੇਕਾ ਮੁਲਾਜ਼ਮਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ, ਜਿਸ ਉਪਰੰਤ ਆਈ.ਟੀ.ਆਈ. ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਅਤੇ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ। ਸੂਬਾਈ ਆਗੂਆਂ ਨੇ ਕਿਹਾ ਕਿ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਕੋਵਿਡ-19 ਦੌਰਾਨ ਪੰਜਾਬ ਸਰਕਾਰ ਦੇ ਅਰਥਚਾਰੇ ਦੀ ਭਰਪਾਈ ਲਈ ਪੰਜਾਬ ਸਰਕਾਰ ਨੂੰ ਕੀਤੀਆਂ ਸਿਫਾਰਸ਼ਾਂ ਮੁਲਾਜ਼ਮ, ਠੇਕਾ ਮੁਲਾਜ਼ਮ, ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਹਨ। ਹਰ ਕਿਰਤੀ ਵਰਗ ਨੂੰ ਮਿਲਦੀਆਂ ਤੁੱਛ ਸਹੂਲਤਾਂ ਛਾਂਗਣ ਦੀ ਨੀਤੀ ਦਾ ਮੱਕੜ ਜਾਲ ਬੁਣਿਆ ਗਿਆ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਵੈਲਫੇਅਰ ਐਕਟ 2016 ਨੂੰ ਇੰਨਬਿੰਨ ਲਾਗੂ ਕੀਤਾ ਜਾਵੇ, ਆਊਟਸੋਰਸਿੰਗ, ਠੇਕਾ ਪ੍ਰਣਾਲੀ ਸਮੇਤ ਐਕਟ ’ਚੋਂ ਬਾਹਰ ਰੱਖੀਆਂ ਹੋਰ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਲ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੀ ਨੀਤੀ ਰੱਦ ਕੀਤੀ ਜਾਵੇ। ਆਗੂਆਂ ਕਿਹਾ ਕਿ ਇਨ੍ਹਾਂ ਮੰਗਾਂ ਸਬੰਧੀ ਠੇਕਾ ਮੁਲਾਜ਼ਮਾਂ ਦੀਆਂ 20 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਉਪਰੰਤ 13 ਅਕਤੂਬਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿੱਚ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾ-ਰੈਲੀ ਕੀਤੀ ਜਾਵੇਗੀ।