ਜੋਗਿੰਦਰ ਸਿੰਘ ਮਾਨ
ਮਾਨਸਾ, 3 ਸਤੰਬਰ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਵਿਦਿਆਰਥੀਆਂ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਕਾਲਜ ਪ੍ਰਸ਼ਾਸਨ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਚੌਥੇ ਦਿਨ ਵੀ ਧਰਨਾ ਜਾਰੀ ਰਿਹਾ। ਜਥੇਬੰਦੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ 17 ਅਗਸਤ ਤੋਂ ਵਿਦਿਆਰਥੀਆਂ ਪੀਟੀਏ ਫੰਡ ਦੀ ਮਾਫ਼ੀ ਲਈ ਸੰਘਰਸ਼ ਕਰ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਾਲਜ ਪ੍ਰਸ਼ਾਸਨ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਰੋਸ ਮਾਰਚ ਦੌਰਾਨ ਜ਼ਿਲ੍ਹਾ ਪੁਲੀਸ ਪ੍ਰਸ਼ਾਸ਼ਨ ਵੱਲੋਂ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਤੱਕ ਪਹੁੰਚਣ ਤੋਂ ਪਹਿਲਾ ਹੀ ਰੋਕ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਰਾਹੀਂ ਆਇਸਾ ਆਗੂ ਦਾ ਇੱਕ ਵਫ਼ਦ ਡਿਪਟੀ ਕਮਿਸ਼ਨਰ ਮਾਨਸਾ ਨੇ ਮਿਲਣ ਲਈ ਬੁਲਾਇਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਨੇ ਸੋਮਵਾਰ ਤੱਕ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਦੱਸਿਆ ਕਿ ਤਰੁੰਤ ਬਾਅਦ ਹੀ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਮਿਲ ਕੇ ਧਰਨਾ ਸਮਾਪਤ ਕਰਵਾ ਦਿੱਤਾ।