ਜੋਗਿੰਦਰ ਸਿੰਘ ਮਾਨ
ਮਾਨਸਾ, 18 ਅਗਸਤ
ਮਾਨਸਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਲਫਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਕੋਟੜਾ ਦੇ ਕਿਸਾਨ ਬਲਵੀਰ ਸਿੰਘ ਬਿੱਲੂ ਦਾ ਸਸਕਾਰ ਅੱਜ ਸ਼ਾਮ ਉਸ ਦੇ ਪਿੰਡ ਵਿਚ ਕਰ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀ ਦੀਆਂ ਮੰਗਾਂ ਪ੍ਰਵਾਨ ਕੀਤੇ ਜਾਣ ਮਗਰੋਂ ਜ਼ਿਲ੍ਹਾ ਕਚਹਿਰੀਆਂ ਵਿਚ ਲਾਇਆ ਧਰਨਾ ਵੀ ਮੁਲਤਵੀ ਕਰ ਦਿੱਤਾ ਗਿਆ।
ਧਰਨੇ ਦੌਰਾਨ ਮੰਚ ਤੋਂ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਧਰਨਾਕਾਰੀਆਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੇ ਛੇ ਲੱਖ ਰੁਪਏ, ਪਰਿਵਾਰ ਦੇ ਇਕ ਜੀਅ ਨੂੰ ਨਗਰ ਕੌਂਸਲ ਵਿੱਚ ਨੌਕਰੀ ਦੇਣ ਅਤੇ ਸਟੇਟ ਬੈਂਕ ਆਫ ਇੰਡੀਆ ਦੀ ਖਿਆਲਾ ਬ੍ਰਾਂਚ ਵੱਲੋਂ ਮ੍ਰਿਤਕ ਦੀ ਲਿਮਿਟ ਦੇ ਢਾਈ ਲੱਖ ਰੁਪਏ ਮੁਆਫ਼ ਕਰਨ ਦੇ ਦਸਤਾਵੇਜ਼ ਦਿਖਾਏ। ਬੋਘ ਸਿੰਘ ਨੇ ਧਰਨਾਕਾਰੀਆਂ ਨੂੰ ਦੱਸਿਆ ਕਿ ਸਰਕਾਰ ਨੇ ਅਣਗਹਿਲੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਾਂਚ ਕਰ ਕੇ ਬਣਦੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਤੋਂ ਪਹਿਲਾਂ ਧਰਨੇ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਸਮੇਤ ਹੋਰ ਜਥੇਬੰਦੀਆਂ ਨੇ ਹਮਾਇਤ ਦਿੱਤੀ ਅਤੇ ਇਸ ਖ਼ੁਦਕੁਸ਼ੀ ਲਈ ਪੰਜਾਬ ਸਰਕਾਰ ਸਮੇਤ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਸੂਰਵਾਰ ਠਹਿਰਾਇਆ। ਵਿਧਾਇਕ ਬੁੱਧਰਾਮ ਨੇ ਆਪਣੀ ਤਕਰੀਰ ਦੌਰਾਨ ਧਰਨਾਕਾਰੀਆਂ ਦੇ ਹੱਕ ਵਿਚ ਸਟੈਂਡ ਲੈਂਦਿਆਂ ਕਿਹਾ ਕਿ ਕੈਪਟਨ ਸਰਕਾਰ ਕਰੋਨਾਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਕਾਂਗੜ ਨੂੰ ਪਤਾ ਹੋਣ ਦੇ ਬਾਵਜੂਦ ਅਜਿਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਨਹੀਂ ਆਉਣਾ ਚਾਹੀਦਾ ਸੀ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਅਜਿਹੀ ਗ਼ਲਤੀ ਲਈ ਸਰਕਾਰ ਨੂੰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ, ਹਾਲਾਂਕਿ ਉਹ ਸ੍ਰੀ ਕਾਂਗੜ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ। ‘ਸੰਵਿਧਾਨ ਬਚਾਓ ਮੰਚ’ ਦੇ ਆਗੂ ਗੁਰਲਾਭ ਸਿੰਘ ਮਾਹਲ ਐਡਵੋਕੇਟ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਮਿਸ਼ਨ ਫ਼ਤਹਿ ਚਲਾ ਰਹੀ ਹੈ ਪਰ ਸਰਕਾਰ ਦੇ ਅਧਿਕਾਰੀ ਅਤੇ ਹੇਠਲੇ ਪੱਧਰ ਦਾ ਸਟਾਫ਼ ਹੀ ਅਜਿਹੀਆਂ ਅਣਗਹਿਲੀਆਂ ਕਾਰਨ ਕਰੋਨਾ ਦਾ ਫੈਲਾਅ ਕਰ ਰਿਹਾ ਹੈ, ਜੋ ਨਿੰਦਣਯੋਗ ਹੈ। ਇਸ ਮੌਕੇ ਉੱਗਰ ਸਿੰਘ, ਸੁਖਦੇਵ ਸਿੰਘ ਕੋਟਲੀ, ਗੁਰਚਰਨ ਸਿੰਘ ਭੀਖੀ, ਕਾਕਾ ਸਿੰਘ ਤਲਵੰਡੀ, ਰਾਮ ਸਿੰਘ ਕੋਟਲੀ, ਭੋਲਾ ਸਿੰਘ, ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ।