ਮਹਿੰਦਰ ਸਿੰਘ ਰੱਤੀਆਂ
ਮੋਗਾ, 15 ਜੂਨ
ਦਿ ਮੋਗਾ ਸੈਂਟਰਲ ਕੋਆਪਰੇਟਿਵ ਬੈਂਕ ਅਧੀਨ ਬਰਾਂਚ ਧਰਮਕੋਟ ਵਿੱਚ 62 ਲੱਖ ਰੁਪਏ ਤੋਂ ਵੱਧ ਦਾ ਘੁਟਾਲਾ ਸਾਹਮਣੇ ਆਇਆ ਹੈ। ਵਿਭਾਗ ਨੇ ਸ਼ਾਖਾ ਪ੍ਰਬੰਧਕ ਸਣੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਸ਼ਾਖਾ ਪ੍ਰਬੰਧਕ ਨਿਯਮਾਂ ਨੂੰ ਛਿੱਕੇ ਟੰਗ ਕੇ ਦੂਜੀਆਂ ਸ਼ਾਖਾਵਾਂ ’ਚ ਕਈ ਸਾਲ ਤੋਂ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦਾ ਆ ਰਿਹਾ ਹੈ। ਬੈਂਕ ਦੇ ਜ਼ਿਲ੍ਹਾ ਮੈਨੇਜਰ ਰਾਜਿੰਦਰ ਸਿੰਘ ਢਿੱਲੋਂ ਨੇ ਘੁਟਾਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਸੂਰਵਾਰ ਸ਼ਾਖਾ ਪ੍ਰਬੰਧਕ ਤੋਂ ਇਲਾਵਾ ਦੋਵੇਂ ਕਲਰਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘੁਟਾਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਰਿਪੋਰਟ ਸੌਂਪ ਦਿੱਤੀ ਹੈ।