ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਜੁਲਾਈ
267 ਲਾਪਤਾ ਪਾਵਨ ਸਰੂਪ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਧਿਰ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਇਸ ਮਾਮਲੇ ਸਬੰਧੀ ਲੋੜੀਂਦੇ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇ ਜਾਣਗੇ ਤਾਂ ਜੋ ਇਸ ਮਾਮਲੇ ਵਿਚ ਹੋਣ ਵਾਲੀ ਜਾਂਚ ਵਿਚ ਸਹਾਇਤਾ ਕੀਤੀ ਜਾ ਸਕੇ। ਸੰਗਠਨ ਨੇ ਸ੍ਰੀ ਅਕਾਲ ਤਖ਼ਤ ਵਲੋਂ ਜਾਂਚ ਲਈ ਨਾਮਜ਼ਦ ਕੀਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਨਵਿਤਾ ਸਿੰਘ ਬਾਰੇ ਤਸੱਲੀ ਪ੍ਰਗਟਾਈ ਹੈ।
ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘੱਟ ਹੋਣ ਦਾ ਇਹ ਮਾਮਲਾ ਬੀਤੇ ਦਿਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਉਭਾਰਿਆ ਗਿਆ ਸੀ। ਸੰਗਠਨ ਦੇ ਮੁੱਖ ਜਾਂਚਕਰਤਾ ਸਰਬਜੀਤ ਸਿੰਘ ਵੇਰਕਾ ਨੇ ਸ੍ਰੀ ਅਕਾਲ ਤਖ਼ਤ ਵਲੋਂ ਇਸ ਮਾਮਲੇ ਦੀ ਜਾਂਚ ਬਾਹਰੋਂ ਕਰਾਉਣ ਅਤੇ ਇਸ ਦੀ ਜਾਂਚ ਹਾਈਕੋਰਟ ਦੀ ਸਾਬਕਾ ਜੱਜ ਨੂੰ ਦਿੱਤੇ ਜਾਣ ’ਤੇ ਤਸੱਲੀ ਪ੍ਰਗਟਾਈ ਹੈ। ਇਹ ਪਹਿਲਾ ਮੌਕਾ ਹੈ ਜਦੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਆਪਣੇ ਕਿਸੇ ਅੰਦਰੂਨੀ ਮਾਮਲੇ ਦੀ ਬਾਹਰੋਂ ਜਾਂਚ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਕੋਲ ਕਈ ਪੁਖਤਾ ਸਬੂਤ ਅਤੇ ਦਸਤਾਵੇਜ਼ ਹਨ। ਇਸੇ ਤਰ੍ਹਾਂ ਲਾਪਤਾ ਹੋਏ ਲਗਪਗ 60 ਸਰੂਪਾਂ ਬਾਰੇ ਉਨ੍ਹਾਂ ਕੋਲ ਪੁਖਤਾ ਜਾਣਕਾਰੀ ਹੈ। ਇਹ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇ ਜਾਣਗੇ।
ਸੰਗਠਨ ਆਗੂ ਨੇ ਇਕ ਮੁੱਦੇ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਾਬਕਾ ਜੱਜ ਨੂੰ ਜਾਂਚ ਵਿਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਥਾਂ ਆਪਣੀ ਮਰਜ਼ੀ ਦਾ ਅਮਲਾ ਲੈਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ ਤਾਂ ਜੋ ਜਾਂਚ ਨਿਰਪੱਖ ਢੰਗ ਨਾਲ ਹੋ ਸਕੇ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਸਿਰਫ 267 ਸਰੂਪ ਹੀ ਰਿਕਾਰਡ ਵਿਚੋਂ ਘੱਟ ਨਹੀਂ ਹਨ ਸਗੋਂ ਇਸ ਤੋਂ ਵੀ ਵੱਧ ਸਰੂਪ ਘੱਟ ਹੋ ਸਕਦੇ ਹਨ। ਹੁਣ ਵਾਲੀ ਜਾਂਚ ਵਿਚ ਸਹਿਯੋਗ ਦੇਣ ਲਈ ਤਿਲੰਗਾਨਾ ਹਾਈ ਕੋਰਟ ਦੇ ਵਕੀਲ ਭਾਈ ਈਸ਼ਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਇਕ ਮਹੀਨੇ ਵਿਚ ਮੁਕੰਮਲ ਕਰਨ ਲਈ ਆਖਿਆ ਗਿਆ ਹੈ।
ਸਾਬਕਾ ਜਸਟਿਸ ਨਵਿਤਾ ਸਿੰਘ ਜਲਦੀ ਕਰਨਗੇ ਜਾਂਚ
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਨਵਿਤਾ ਸਿੰਘ ਵਲੋਂ ਜਲਦੀ ਹੀ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਜਸਟਿਸ ਨਵਿਤਾ ਸਿੰਘ ਨੇ ਦਿੱਤੀ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸੂਚਨਾ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਹਾਲੇ ਪੱਤਰ ਨਹੀਂ ਮਿਲਿਆ। ਪੱਤਰ ਮਿਲਣ ਮਗਰੋਂ ਉਹ ਜਾਂਚ ਸ਼ੁਰੂ ਕਰਨ ਬਾਰੇ ਵਿਚਾਰ ਕਰਨਗੇ।
ਜਾਂਚ ਮੁਕੰਮਲ ਹੋਣ ਤਕ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਲਈ ਕਿਹਾ
ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਆਖਿਆ ਕਿ ਜਦੋਂ ਤਕ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਮੁਕੰਮਲ ਨਹੀਂ ਹੋ ਜਾਂਦੀ, ਇਸ ਮਾਮਲੇ ਵਿਚ ਕਿਸੇ ਨੂੰ ਵੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਖਾਲਸਾ ਨੇ ਆਖਿਆ ਕਿ ਸ੍ਰੀ ਢੀਂਡਸਾ ਇਸ ਮਾਮਲੇ ਨੂੰ ਰਾਜਸੀ ਰੰਗਤ ਦੇ ਰਹੇ ਹਨ ਜਦਕਿ ਇਹ ਬੇਅਦਬੀ ਦਾ ਮਾਮਲਾ ਨਹੀਂ ਸਗੋਂ ਅਣਗਹਿਲੀ ਹੈ।