ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਲੱਛਣਾਂ ਦਾ ਜਲਦੀ ਪਤਾ ਲਗਾਉਣ ਅਤੇ ਟੈਸਟਿੰਗ ਲਈ ਨਵੀਨ ਢੰਗ-ਤਰੀਕਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਟੈਸਟਿੰਗ ਲਈ 15 ਹੋਰ ਟਰੂਨਾਟ ਮਸ਼ੀਨਾਂ ਖਰੀਦੀਆਂ ਹਨ ਤਾਂ ਜੋ ਮਰੀਜ਼ਾਂ ਦਾ ਜਲਦ ਪਤਾ ਲਗਾ ਕੇ ਉਨ੍ਹਾਂ ਨੂੰ ਇਕਾਂਤਵਾਸ ਕਰਕੇ ਕਰੋਨਾ ਦਾ ਫੈਲਾਅ ਰੋਕਿਆ ਜਾ ਸਕੇ। ਹੁਣ ਸਰਕਾਰੀ ਹਸਪਤਾਲਾਂ ਵਿੱਚ ਅਜਿਹੀਆਂ ਕੁੱਲ 30 ਮਸ਼ੀਨਾਂ ਕਾਰਜਸ਼ੀਲ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੰਘ ਸਿੱਧੂ ਨੇ ਦੱਸਿਆ ਕਿ ਟਰੂਨਾਟ ਮਸ਼ੀਨਾਂ ਜ਼ਰੀਏ ਟੈਸਟਿੰਗ ਲਈ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਦਿਸ਼ਾ ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਸੂਬੇ ਕੋਲ ਦੋ ਅਤੇ ਚਾਰ ਚੈਨਲ ਵਾਲੀਆਂ 15-15 ਮਸ਼ੀਨਾਂ ਹਨ। ਸਰਕਾਰੀ ਹਸਪਾਤਾਲਾਂ ਵਿੱਚ ਕਾਰਜਸ਼ੀਲ ਇਨ੍ਹਾਂ ਮਸ਼ੀਨਾਂ ਜ਼ਰੀਏ ਰੋਜ਼ਾਨਾ ਵੱਡੀ ਗਿਣਤੀ ਵਿੱਚ ਟੈਸਟ ਹੋ ਰਹੇ ਹਨ।