ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਜੁਲਾਈ
ਇੱਥੇ ਅੱਜ ਮਾਰਕੀਟ ਕਮੇਟੀ ਵਿੱਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਕੀਤੀ ਹੋਈ, ਜਿਸ ਵਿੱਚ 20 ਜੁਲਾਈ ਨੂੰ ਕੇਂਦਰ ਸਰਕਾਰ ਦੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਜਾਰੀ ਕਰ ਕੇ ਮੰਡੀਕਰਨ ਨੂੰ ਖ਼ਤਮ ਕਰਨ ਅਤੇ ਫ਼ਸਲਾਂ ਦੀ ਸਰਕਾਰੀ ਖਰੀਦ ਬੰਦ ਕਰਨ ਦਾ ਕਿਸਾਨ ਵਿਰੋਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਵਿਰੋਧੀ ਆਰਡੀਨੈਂਸਾਂ ਕਾਰਨ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਕਾਰੋਬਾਰ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ ਅਤੇ ਕੇਂਦਰ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਪੰਜਾਬ ਦੀ ਸਮੁੱਚੀ ਆਰਥਿਕਤਾ ਹਿੱਲ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 20 ਜੁਲਾਈ ਨੂੰ ਸਾਰੇ ਪੰਜਾਬ ਦੇ ਐੱਸਡੀਐੱਮ ਦਫ਼ਤਰਾਂ ’ਚ ਮੰਗ ਪੱਤਰ ਦਿੱਤੇ ਜਾਣਗੇ ਅਤੇ ਕਿਸਾਨ ਆਪਣੇ ਟਰੈਕਟਰ ਸੜਕਾਂ ’ਤੇ ਖੜ੍ਹੇ ਕਰ ਕੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਜਗਦੇਵ ਸਿੰਘ ਘਰਾਚੋਂ, ਕਸ਼ਮੀਰ ਸਿੰਘ, ਜਗਸੀਰ ਸਿੰਘ, ਜਸਵੰਤ ਸਿੰਘ, ਜਨਕ ਸਿੰਘ, ਜਗਤਾਰ ਸਿੰਘ ਤੇ ਅਜਮੇਰ ਸਿੰਘ ਆਲੋਅਰਖ ਹਾਜ਼ਰ ਸਨ।