ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 24 ਜੂਨ
ਡੈਮੋਕਰੇਟਿਕ ਟੀਚਰਜ਼ ਫਰੰਟ ਦੀ ਪਟਿਆਲਾ ਇਕਾਈ ਵੱਲੋਂ ਸਿੱਖਿਆ, ਸਕੂਲਾਂ ਅਤੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦੀ ਤਿਆਰੀ ਲਈ ਡੀਈਓ ਦਫ਼ਤਰ ਵਿਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰ ਘੱਗਾ ਅਤੇ ਸਕੱਤਰ ਅਮਨਦੀਪ ਦੇਵੀਗੜ੍ਹ ਨੇ ਦੱਸਿਆ ਕਿ ਕੱਚੇ ਅਧਿਆਪਕਾਂ ਅਤੇ ਨਾਨ-ਟੀਚਿੰਗ ਅਮਲੇ ਨੂੰ ਪੂਰੀਆਂ ਤਨਖ਼ਾਹਾਂ ਤੇ ਵਿਭਾਗ ਵਿੱਚ ਰੈਗੂਲਰ ਕਰਨ, ਵਿਦਿਆਰਥੀਆਂ ਨੂੰ ਮਾਨਸਿਕ ਅਤੇ ਸਰੀਰਕ ਰੋਗੀ ਬਣਾ ਰਹੀ ਆਨਲਾਈਨ ਸਿੱਖਿਆ ਬੰਦ ਕਰਨ, ਸਕੂਲਾਂ ਨੂੰ ਵਿਉਂਤਬੱਧ ਢੰਗ ਨਾਲ ਪੜਾਅਵਾਰ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰਨ ਆਦਿ ਮੰਗਾਂ ਨੂੰ ਉਭਾਰਦਿਆਂ ਇਨ੍ਹਾਂ ਦੇ ਹੱਲ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਣ ਦੀ ਸਰਗਰਮੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਗਾਂ ਦੇ ਠੋਸ ਹੱਲ ਨਾ ਹੋਣ ਦੀ ਸੂਰਤ ਵਿੱਚ ਜੁਲਾਈ ਮਹੀਨੇ ਵਿੱਚ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡੀਸੀ ਨਾਲ਼ ਮੀਟਿੰਗ ਵਿੱਚ ਅਧਿਆਪਕਾਂ ਵੱਲੋਂ ਨਿਭਾਈਆਂ ਜਾ ਰਹੀਆਂ ਵਿਭਾਗੀ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ ਨਾਕਿਆਂ ’ਤੇ ਲੱਗੀਆਂ ਕੋਵਿਡ ਡਿਊਟੀਆਂ ਤੋਂ ਅਧਿਆਪਕਾਂ ਨੂੰ ਫਾਰਗ ਕਰਨ ਦੀ ਮੰਗ ਵੀ ਉਭਾਰੀ ਜਾਵੇਗੀ।