ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 15 ਜੁਲਾਈ
ਨੇੜਲੇ ਪਿੰਡ ਘਰਾਚੋਂ ਵਿਖੇ ਜ਼ਮੀਨ ਦੀ ਕਾਣੀ ਵੰਡ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਦਲਿਤ ਭਾਈਚਾਰੇ ਵੱਲੋਂ ਪਿੰਡ ਵਿੱਚ ਝੰਡਾ ਮਾਰਚ ਕੱਢਿਆ ਗਿਆ। ਇਹ ਝੰਡਾ ਮਾਰਚ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਗਲੀਆਂ ਵਿਚ ਦੀ ਹੁੰਦਾ ਹੋਇਆ ਵਾਪਸ ਅਨਾਜ ਮੰਡੀ ਵਿੱਚ ਸਮਾਪਤ ਕੀਤਾ ਗਿਆ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਪਿੰਡ ਘਰਾਚੋਂ ਦੀ ਇਕਾਈ ਦੇ ਪ੍ਰਧਾਨ ਗੁਰਚਰਨ ਸਿੰਘ ਘਰਾਚੋਂ ਨੇ ਸੈਂਕੜੇ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਲਿਤਾਂ ਵੱਲੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਹਾਸਲ ਕਰਨ ਲਈ ਪੱਕਾ ਮੋਰਚਾ ਸੱਠਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪ੍ਰੰਤੂ ਪ੍ਰਸ਼ਾਸਨ ਅਤੇ ਪਿੰਡ ਦੇ ਘੜੰਮ ਚੌਧਰੀਆਂ ਵੱਲੋਂ ਜ਼ਮੀਨ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦਲਿਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕ ਲੋਕਾਂ ਦੇ ਏਕੇ ਨੂੰ ਤੋੜਨ ਲਈ ਪ੍ਰਸ਼ਾਸਨ ਵੱਲੋਂ ਹਰ ਹੱਥਕੰਡੇ ਵਰਤੇ ਜਾ ਰਹੇ ਹਨ। ਲੋਕਾਂ ਨੇ ਇਕੱਠੇ ਹੋ ਕੇ 24 ਜੁਲਾਈ ਨੂੰ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਪਹੁੰਚਣ ਦਾ ਐਲਾਨ ਕੀਤਾ।