ਵਾਸ਼ਿੰਗਟਨ, 23 ਜੂਨ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਾਲ ਦੇ ਅੰਤ ਤੱਕ ਭਾਰਤੀ ਆਈਟੀ ਪੇਸ਼ੇਵਰਾਂ ਵਿੱਚ ਪ੍ਰਸਿੱਧ ਐੱਚ-1 ਬੀ ਅਤੇ ਹੋਰ ਕੰਮਾਂ ਲਈ ਵੀਜ਼ੇ ਜਾਰੀ ਕਰਨ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਲੱਖਾਂ ਅਮਰੀਕੀਆਂ ਦੀ ਮਦਦ ਲਈ ਜ਼ਰੂਰੀ ਹੈ, ਜਿਨ੍ਹਾਂ ਨੇ ਮੌਜੂਦਾ ਆਰਥਿਕ ਸੰਕਟ ਕਾਰਨ ਨੌਕਰੀਆਂ ਗੁਆ ਦਿੱਤੀਆਂ ਹਨ। ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਅਧਿਕਾਰਤ ਐਲਾਨ ਜਾਰੀ ਕਰਦਿਆਂ ਟਰੰਪ ਨੇ ਵੱਖ-ਵੱਖ ਸੰਗਠਨਾਂ, ਸੰਸਦ ਮੈਂਬਰਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਦੁਆਰਾ ਦਿੱਤੇ ਗਏ ਇਸ ਹੁਕਮ ਵਿਰੁੱਧ ਵੱਧ ਰਹੇ ਵਿਰੋਧ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਹ ਐਲਾਨ 24 ਜੂਨ ਤੋਂ ਲਾਗੂ ਹੋਵੇਗਾ ਅਤੇ ਇਸ ਦਾ ਅਸਰ ਬਹੁਤ ਸਾਰੇ ਭਾਰਤੀ ਆਈਟੀ ਪੇਸ਼ੇਵਰਾਂ ਅਤੇ ਕਈ ਅਮਰੀਕੀ ਅਤੇ ਭਾਰਤੀ ਕੰਪਨੀਆਂ ‘ਤੇ ਪੈ ਸਕਦਾ ਹੈ, ਜਿਨ੍ਹਾਂ ਨੂੰ 1 ਅਕਤੂਬਰ ਤੋਂ ਵਿੱਤੀ ਸਾਲ 2021 ਲਈ ਅਮਰੀਕੀ ਸਰਕਾਰ ਨੇ ਐਚ-1 ਬੀ ਵੀਜ਼ੇ ਜਾਰੀ ਕੀਤੇ ਸਨ।