ਰਮੇਸ਼ ਭਾਰਦਵਾਜ
ਲਹਿਰਾਗਾਗਾ, 22 ਜੂਨ
ਨੇੜਲੇ ਪਿੰਡ ਭਾਈ ਕੀ ਪਿਸ਼ੌਰ ਵਿੱਚ ਅੱਜ ਪੰਜਾਬ ਖੇਤ ਮਜ਼ਦੂਰ ਯੁਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਇਕ ਮਾਈਕਰੋ ਫਾਇਨਾਂਸ ਕੰਪਨੀ ਦੇ ਮੈਨੇਜਰ ਅਤੇ ਮੁਲਾਜ਼ਮਾਂ ਦਾ ਘਿਰਾਓ ਕੀਤਾ ਗਿਆ। ਪੰਜਾਬ ਖੇਤ ਮਜ਼ਦੂਰ ਯੁਨੀਅਨ ਦੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰ ਭੈਣੀ ਨੇ ਦੱਸਿਆ ਕਿ ਕੰਪਨੀ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਕਰਜ਼ਾ ਦਿੱਤਾ ਹੋਇਆ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਕੰਪਨੀਆਂ ਦੇ ਮੁਲਾਜ਼ਮਾਂ ਵੱਲੋਂ ਪਿੰਡਾਂ ’ਚ ਔਰਤਾਂ ਨੂੰ ਕਿਸ਼ਤਾਂ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦੋਂਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਲੌਕਡਾਊਨ ਦੇ ਮੱਦੇਨਜ਼ਰ ਕਰਜ਼ਿਆਂ ਦੀਆਂ ਕਿਸ਼ਤਾਂ ਤਿੰਨ ਮਹੀਨੇ ਲਈ ਅੱਗੇ ਪਾਉਣ ਦੀ ਹਦਾਇਤ ਕੀਤੀ ਗਈ ਹੈ।
ਆਗੂਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਕਰਜ਼ੇ ਦੀਆਂ ਕਿਸ਼ਤਾਂ ਸਮੇਂ ਸਿਰ ਨਾ ਭਰਨ ਵਾਲੀਆਂ ਔਰਤਾਂ ਤੋਂ ਭਾਰੀ ਜੁਰਮਾਨੇ ਵਸੂਲੇ ਜਾਂਦੇ ਹਨ। ਮਜ਼ਦੂਰ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਜਦੋਂਕਿ ਮਜ਼ਦੂਰਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਮਜ਼ਦੂਰ ਖ਼ੁਦਕੁਸ਼ੀਆਂ ਕਰ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰ ਕੇ ਸਸਤੇ ਕਰਜ਼ੇ ਦੇਣੇ ਚਾਹੀਦੇ ਹਨ।