ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 7 ਜੂਨ
‘ਇਨਕਲਾਬ ਜ਼ਿੰਦਾਬਾਦ ਲਹਿਰ’ ਵੱਲੋਂ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਲਾਕੇ ਦੇ ਕੁਝ ਉੱਦਮੀ ਨੌਜਵਾਨਾਂ ਨੇ ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ 24 ਮਈ ਨੂੰ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਵਿਚ ਸ਼ਹੀਦੀ ਸਮਾਰਕ ਵਿਚ ਬੁੱਤ ਦੇ ਸਾਹਮਣੇ ਖੜ੍ਹੇ ਹੋ ਕੇ ਸਹੁੰ ਚੁੱਕਣ ਮਗਰੋਂ ‘ਇਨਕਲਾਬ ਜ਼ਿੰਦਾਬਾਦ ਲਹਿਰ’ ਦੇ ਨਾਂ ਹੇਠ ਜਥੇਬੰਦੀ ਬਣਾਉਣ ਦਾ ਐਲਾਨ ਕੀਤਾ ਸੀ। ਜਥੇਬੰਦੀ ਦੇ ਮੁਖੀ ਸੁਖਵਿੰਦਰ ਸਿੰਘ ਹਲਵਾਰਾ ਨੇ ਆਖਿਆ ਕਿ ਪਹਿਲਾਂ ਸ਼ਹੀਦ ਸਰਾਭਾ ਦੇ ਨਾਮ ’ਤੇ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੇ ਨਾਮਕਰਨ ਲਈ ਲੋਕਾਂ ਦੇ ਦਸਤਖ਼ਤ ਕਰਾਏ ਜਾਣਗੇ ਤੇ ਮਗਰੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।