ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਅੱਜ ਪੰਜਾਬ ਭਰ ਵਿੱਚ ਰੋਸ ਮੁਜ਼ਾਹਰੇ ਕਰ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਤੇ ਮੰਗ ਕੀਤੀ ਕਿ ਲੋੜਵੰਦਾਂ ਦੇ ਕੱਟੇ ਗਏ ਸਾਰੇ ਨੀਲੇ ਕਾਰਡ ਤੁਰੰਤ ਬਹਾਲ ਕੀਤੇ ਜਾਣ ਤੇ ਕੇਂਦਰੀ ਰਾਸ਼ਨ ਕਾਂਗਰਸੀ ਆਗੂਆਂ ਵੱਲੋਂ ਖੁਰਦ-ਬੁਰਦ ਕੀਤੇ ਜਾਣ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਆਗੂਆਂ ਨੇ ਆਪਣੇ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਹੇਠ ਤੇ ਸਾਰੇ ਮੈਂਬਰ ਪਾਰਲੀਮੈਂਟ, ਸਾਬਕਾ ਐੱਮਪੀ, ਵਿਧਾਇਕਾਂ, ਹਲਕਾ ਇੰਚਾਰਜਾਂ ਤੇ ਸੀਨੀਅਰ ਪਾਰਟੀ ਆਗੂਆਂ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਨਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ। ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਇਸ਼ਾਰੇ ’ਤੇ ਕੱਟੇ ਗਏ ਸਾਰੇ ਨੀਲੇ ਕਾਰਡਾਂ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਲ੍ਹਾ ਪੱਧਰੀ ਧਰਨਿਆਂ ਦੌਰਾਨ ਅਕਾਲੀ ਆਗੂਆਂ ਨੇ ਰਾਸ਼ਨ ਘੁਟਾਲੇ ਤੋਂ ਇਲਾਵਾ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਤੇ 4 ਹਜ਼ਾਰ ਕਰੋੜ ਰੁਪਏ ਦੇ ਬੀਜ ਘੁਟਾਲੇ ਦੀ ਸੀਬੀਆਈ ਜਾਂ ਹਾਈ ਕੋਰਟ ਦੇ ਜੱਜ ਤੋਂ ਨਿਰਪੱਖ ਜਾਂਚ ਕਰਵਾਊਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇੰਡਸਟਰੀ ਨੂੰ ਦੋ ਮਹੀਨੇ ਦੇ ਫਿਕਸ ਚਾਰਜਿਜ਼ ਖਤਮ ਕਰਨ ਦੇ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਨਗਰ ਕੌਂਸਲਾਂ ਅਧੀਨ ਕਿਰਾਏ ’ਤੇ ਦਿੱਤੀਆਂ ਦੁਕਾਨਾਂ ਦਾ ਲਾਕਡਾਊਨ ਦੇ ਅਰਸੇ ਲਈ ਕਿਰਾਇਆ ਮੁਆਫ਼ ਕੀਤਾ ਜਾਵੇ। ਉਨ੍ਹਾਂ ਟੈਕਸੀ ਤੇ ਆਟੋ-ਰਿਕਸ਼ਾ ਮਾਲਕਾਂ ਤੇ ਡਰਾਈਵਰਾਂ ਨੂੰ ਮੁਆਵਜ਼ਾ ਦੇਣ ਤੇ ਵਾਹਨ ਦੇ ਰੋਡ ਟੈਕਸ ਛੇ ਮਹੀਨੇ ਦੇ ਸਮੇਂ ਲਈ ਮੁਆਫ਼ ਕਰਨ ’ਤੇ ਜ਼ੋਰ ਦਿੱਤਾ।