ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜੂਨ
ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਅਕਾਦਮਿਕ ਵਰ੍ਹੇ 2020-21 ਲਈ ਆਰਜ਼ੀ ਮਾਨਤਾ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜੇਸ਼ਨ ਨੇ ਸੂਬਾ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਮਹਾਮਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜ੍ਹੇ ਸਮੇਂ ਲਈ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਾਧੇ ਦੌਰਾਨ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਪਵੇਗੀ। ਭਾਵੇਂ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ 2021 ਤੱਕ ਦਿੱਤਾ ਗਿਆ ਹੈ ਪਰ ਇਨ੍ਹਾਂ ਸਕੂਲਾਂ ਨੂੰ 31 ਦਸੰਬਰ 2020 ਤੱਕ ਬੁਨਿਆਦੀ ਢਾਂਚੇ ਵਿੱਚ ਲੋੜੀਂਦੇ ਸੁਧਾਰ ਕਰਕੇ ਹਲਫ਼ਨਾਮਾ ਦਾਇਰ ਕਰਨਾ ਪਵੇਗਾ।