ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਜੁਲਾਈ
ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਊਨ੍ਹਾਂ ਆਦੇਸ਼ ਦਿੱਤੇ ਕਿ ਲੋੜਵੰਦਾਂ ਦੇ ਨੀਲੇ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਖੁਦ ਘਰ-ਘਰ ਜਾ ਕੇ ਲੋੜਵੰਦਾਂ ਦੇ ਨੀਲੇ ਕਾਰਡ ਬਣਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਗਲਤ ਬਣੇ ਨੀਲੇ ਕਾਰਡ ਤੁਰੰਤ ਕੱਟੇ ਜਾਣ ਅਤੇ ਲੋੜਵੰਦਾਂ ਦੇ ਕਾਰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਅਹਿਮ ਉਦੇਸ਼ ਸੀ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਸਸਤੇ ਰੇਟਾਂ ’ਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਲਈ ਨੀਲੇ ਕਾਰਡ ਬਣਾਏ ਜਾਣ।
ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਅਜੇ ਵੀ ਪਰਵਾਸੀ ਮਜ਼ਦੂਰ ਇੱਥੇ ਹੀ ਰਹਿ ਰਹੇ ਹਨ। ਉਨ੍ਹਾਂ ਸਬੰਧਤ ਫੂਡ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਦਾ ਦੌਰਾ ਕਰ ਕੇ ਲੋੜਵੰਦਾਂ ਤੱਕ ਮੁਫਤ ਰਾਸ਼ਨ ਕਿੱਟਾਂ ਪਹੁੰਚਾਉਣ ਤਾਂ ਜੋ ਕੋਈ ਵੀ ਭੁੱਖਾ ਨਾ ਰਹੇ। ਮੀਟਿੰਗ ਵਿੱਚ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਫਸਰ ਜਸਜੀਤ ਕੌਰ, ਏਐੱਫਐੱਸਓ ਮਹਿੰਦਰ ਅਰੋੜਾ, ਮਨਮੀਤ ਮੱਖਣੀ, ਗੌਰਵ ਸ਼ਰਮਾ, ਅੰਮ੍ਰਿਤਪਾਲ ਸਿੰਘ, ਆਕਾਸ਼ ਭਾਟੀਆ ਤੇ ਰਮਨਜੋਤ ਸਾਰੇ ਇੰਸਪੈਕਟਰ ਫੂਡ ਸਪਲਾਈ ਵਿਭਾਗ ਮੌਜੂਦ ਸਨ।