ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਜੂਨ
ਜ਼ਿਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਵਿੱਚ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਤਹਿਤ ਪੰਚਾਇਤੀ ਨੁਮਾਇੰਦਿਆਂ ਸਰਪੰਚਾਂ, ਪੰਚਾਂ ਆਦਿ ਵੱਲੋਂ ਪਿੰਡਾਂ ਵਿੱਚ ਲੋਕਾਂ ਅਤੇ ਮਗਨਰੇਗਾ ਮਜ਼ਦੂਰਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲਾਈ ਮਿਸ਼ਨ ਫ਼ਤਿਹ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਵਿੱਚ ਕਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਪਿੰਡਾਂ ਵਿਚ ਜਾਗਰੂਕਤਾ ਪੋਸਟਰ ਵੀ ਵੰਡੇ ਗਏ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਇਥੇ ਲਹਿਰਾਗਾਗਾ ’ਚ ਕਰੋਨਾਵਾਇਰਸ ਦੇ ਪਾਜ਼ੇਟਿਵ ਮਾਮਲੇ ਮਿਲਣ ਕਰਕੇ ਐੱਸਡੀਐੱਮ ਸੂਬਾ ਸਿੰਘ ਨੇ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਕੌਂਸਲ ਵੱਲੋਂ ਘਰ-ਘਰ ਜਾਗਰੂਕਤਾ ਪੋਸਟਰ ਵੰਡਣ ਦਾ ਉਦਘਾਟਨ ਕੀਤਾ। ਉਧਰ ਸਿਟੀ ਪੁਲੀਸ ਨੇ ਸਖ਼ਤਾਈ ਦਿਖਾਉਂਦੇ ਹੋਏ ਦੁਕਾਨਦਾਰਾਂ ਵੱਲੋਂ ਮਾਸਕ ਨਾ ਪਹਿਨਣ ਦੇ ਖ਼ਿਲਾਫ਼ ਜੁਰਮਾਨੇ ਕੀਤੇ। ਐੱਸਡੀਐੱਮ ਸੂਬਾ ਸਿੰਘ ਨੇ ਲੋਕਾਂ ਨੂੰ ਕਰੋਨਾਵਾਇਰਸ ਤੋਂ ਬਚਾਅ ਲਈ ਆਸਾਨ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਹਿਰੀਆਂ ਨੂੰ 15 ਜਨਵਰੀ ਤੋਂ ਬਾਅਦ ਵਿਦੇਸ਼ ਤੋਂ ਵਾਪਸ ਆਉਣ ਅਤੇ ਦੂਜੇ ਸੂਬਿਆਂ ਤੋਂ ਆਏ ਵਿਆਕਤੀਆਂ ਦਾ ਕਰੋਨਾਵਾਇਰਸ ਦੇ ਲੱਛਣ ਨਾ ਹੋਣ ਦੇ ਬਾਵਜੂਦ ਅਤੇ ਖਾਂਸੀ, ਬੁਖਾਰ ਅਤੇ ਸਾਹ ਲੈਣ ’ਚ ਤਕਲੀਫ ਹੋਣ ’ਤੇ ਸਿਹਤ ਵਿਭਾਗ/ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਹਿਰੀਆਂ ਨੂੰ ਸਮਾਜਿਕ ਵਿੱਥ ਰੱਖਣ, ਸਮੇਂ-ਸਮੇਂ ਸਿਰ ਹੱਥ ਸਾਬਣ ਨਾਲ ਧੌਣ, ਖੰਘਦੇ ਸਮੇਂ ਨੱਕ ਤੇ ਮੂੰਹ ਨੂੰ ਢੱਕ ਕੇ ਪ੍ਰਸ਼ਾਸਨ ਦਾ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਾਰਜਕਾਰੀ ਮੈਜਿਸਟਰੇਟ ਗੁਰਨੈਬ ਸਿੰਘ, ਸੈਨੇਟਰੀ ਇੰਸਪੈਕਟਰ ਹਰੀ ਰਾਮ ਭੱਟੀ, ਨਗਰ ਕੌਂਸਲ ਦੇ ਲੇਖਾਕਾਰ ਸੁਭਾਸ਼ ਕੁਮਾਰ ਅਤੇ ਪੁਲੀਸ ਅਧਿਕਾਰੀ ਹਾਜ਼ਰ ਸਨ।
ਐੱਸਡੀਐੱਮ ਨੇ ਸੰਭਾਲੀ ਜਾਗਰੂਕਤਾ ਮੁਹਿੰਮ ਦੀ ਕਮਾਨ
ਸੁਨਾਮ ਊਧਮ ਸਿੰਘ ਵਾਲਾ( ਬੀਰ ਇੰਦਰ ਸਿੰਘ ਬਨਭੌਰੀ): ਇਥੇ ਕਰੋਨਾ ਖ਼ਿਲਾਫ਼ ਚੱਲੀ ਸਰਕਾਰੀ ਮੁਹਿੰਮ ਮਿਸ਼ਨ ਫਤਿਹ ਨੂੰ ਫਤਿਹ ਦਵਾਉਣ ਲਈ ਸੁਨਾਮ ਦੀ ਐੱਸਡੀਐੱਮ ਮਨਜੀਤ ਕੌਰ ਨੇ ਜਾਗਰੂਕਤਾ ਮੁਹਿੰਮ ਦੀ ਕਮਾਨ ਆਪਣੇ ਹੱਥ ਵਿੱਚ ਲੈ ਲਈ ਹੈ। ਇਸ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਦੁਕਾਨਾਂ ਅਤੇ ਘਰਾਂ ’ਚ ਜਾ ਕੇ ਲੋਕਾਂ ਨੂੰ ਕਰੋਨਾਵਾਇਰਸ ਤੋਂ ਬਚਾਅ ਰੱਖਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਐੱਸਡੀਐੱਮ ਮਨਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਿੱਧੇ ਮਿਲ ਕੇ ਕਰੋਨਾਵਾਇਰਸ ਤੋਂ ਬਚਾਅ ਰੱਖਣ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਰੋਨਾ ਤੋਂ ਬਚਣ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਉਨ੍ਹਾਂ ਨਾਲ ਪ੍ਰਸ਼ਾਸਨ ਨੂੰ ਥੋੜ੍ਹਾ ਸਖ਼ਤ ਵੀ ਹੋਣਾ ਪੈ ਰਿਹਾ ਹੈ। ਲੋਕਾਂ ਨੂੰ ਮਿਸ਼ਨ ਫ਼ਤਿਹ ਦੇ ਪੈਂਫਲੇਟ ਅਤੇ ਮੁਫ਼ਤ ਮਾਸਕ ਵੀ ਵੰਡੇ ਜਾ ਰਹੇ ਹਨ।