ਰਵਿੰਦਰ ਰਵੀ
ਬਰਨਾਲਾ, 2 ਜੂਨ
ਸਕੂਲੀ ਬੱਚਿਆਂ ਨੂੰ ਕਰੋਨਾਵਾਇਰਸ ਤੋਂ ਬਚਣ ਅਤੇ ਨਿਯਮਾਂ ਨੂੰ ਲਾਗੂ ਕਰਨ ਦੇ ਉਪਾਅ ਦੱਸਣ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀ ਖੁਦ ਕਰੋਨਾਵਾਇਰਸ ਦੇ ਨਿਯਮਾਂ ਨੂੰ ਦਰਕਿਨਾਰ ਕਰਦੇ ਦੇਖੇ ਗਏ। ਅੱਜ ਜ਼ਿਲ੍ਹਾ ਸਿੱਖਿਆ ਵਿਭਾਗ (ਐਲੀਮੈਂਟਰੀ) ‘ਚ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਨਿਯਮਾਂ ਨੂੰ ਦਰਕਿਨਾਰ ਕਰਦਿਆਂ ਨਵੇਂ ਨਿਯੁਕਤ ਹੋਏ ਅਧਿਕਾਰੀ ਵਸੁੰਧਰਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਨਾ ਤਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਮਨਿੰਦਰ ਕੌਰ ‘ਤੇ ਨਾ ਹੀ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਮਾਸਕ ਪਾਇਆ ਹੋਇਆ ਸੀ ਅਤੇ ਨਾ ਹੀ ਦਫ਼ਤਰੀ ਅਮਲੇ ਵੱਲੋਂ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਗਿਆ। ਉਧਰ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਮਨਿੰਦਰ ਕੌਰ ਨਾਲ ਮੋਬਾਈਲ ’ਤੇ ਕਈ ਵਾਰ ਸੰਪਰਕ ਕੀਤਾ ਪਰ ਉਨ੍ਹਾਂ ਕੋਈ ਫੋਨ ਨਹੀਂ ਚੁੱਕਿਆ।
ਅਧਿਕਾਰੀਆਂ ਤੋਂ ਹੋਵੇਗੀ ਜਵਾਬਤਲਬੀ: ਡੀਸੀ
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਕਰੋਨਾ ਸਬੰਧੀ ਲਾਗੂ ਨਿਯਮਾਂ ਨੂੰ ਤੋੜਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਜੇਕਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜਿਹਾ ਕੀਤਾ ਗਿਆ ਹੈ ਤਾਂ ਸਬੰਧਿਤ ਅਧਿਕਾਰੀਆਂ ਤੋਂ ਜਵਾਬ ਤਲਬੀ ਕੀਤੀ ਜਾਵੇਗੀ।