ਮਹਿੰਦਰ ਸਿੰਘ ਰੱਤੀਆਂ
ਮੋਗਾ, 1 ਜੂਨ
ਇੱਥੇ ਮੁੱਖ ਚੌਕ ’ਚ ਨਿਯਮਾਂ ਨੂੰ ਛਿੱਕੇ ਟੰਗ ਕੇ ਸਕੂਲ-ਹਸਪਤਾਲ ਦੇ ਨਾਲ ਸ਼ਰਾਬ ਦਾ ਠੇਕਾ ਖੋਲ੍ਹਿਆ ਜਾ ਰਿਹਾ ਹੈ, ਜਿਸ ਸਬੰਧੀ ਹਸਪਤਾਲ ਤੇ ਸਕੂਲ ਦੇ ਮਾਲਕ ਸਣੇ ਸਥਾਨਕ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੌਕਡਾਊਨ ਤੋਂ ਪਹਿਲਾਂ ਸ਼ਿਕਾਇਤ ਦਿੱਤੀ ਗਈ ਸੀ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਸ ਸਬੰਧੀ ਹਸਪਤਾਲ ਦੀ ਸੰਚਾਲਕ ਡਾ. ਹਰਪ੍ਰੀਤ ਕੌਰ, ਸਕੂਲ ਮਾਲਕ ਕੁਲਦੀਪ ਸਿੰਘ ਮੱਲ੍ਹੀ ਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਲੌਕਡਾਊਨ ਤੋਂ ਪਹਿਲਾਂ 16 ਮਾਰਚ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਦੇ ਆਧਾਰ ’ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਮੌਕਾ ਵੀ ਦੇਖ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਠੇਕਾ ਖੁੱਲ੍ਹਣ ਕਾਰਨ ਵਿਦਿਆਰਥੀਆਂ ’ਤੇ ਮਾੜਾ ਅਸਰ ਪਵੇਗਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇ ਦੀ ਉਸਾਰੀ ਰੋਕਣ ਲਈ ਵਿਰੋਧ ਕੀਤਾ ਜਾ ਰਿਹਾ ਹੈ ਪਰ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਹ ਕਿਸੇ ਕੀਮਤ ਵਿੱਚ ਇੱਥੇ ਸ਼ਰਾਬ ਦਾ ਠੇਕਾ ਨਹੀਂ ਖੁੱਲ੍ਹਣ ਦੇਣਗੇ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਵਿਧਾਇਕ ਡਾ. ਹਰਜੋਤ ਕਮਲ ਦੇ ਧਿਆਨ ਲਿਆਂਦਾ ਗਿਆ ਹੈ, ਪਰ ਉਸਾਰੀ ਰੋਕਣ ਲਈ ਕੋਈ ਕਾਰਵਾਈ ਨਹੀਂ ਕਰ ਰਿਹਾ। ਉਧਰ ਸਥਾਨਕ ਆਬਕਾਰੀ ਤੇ ਕਰ ਅਫ਼ਸਰ ਪਿਆਰਾ ਸਿੰਘ ਨੇ ਕਿਹਾ ਕਿ ਜਦੋਂ ਠੇਕਾ ਖੁੱਲ੍ਹੇਗਾ ਉਦੋਂ ਹੀ ਦੇਖਾਂਗੇ।