ਦਰਸ਼ਨ ਸਿੰਘ ਮਿੱਠਾ
ਫਤਹਿਗੜ੍ਹ ਸਾਹਿਬ, 28 ਸਤੰਬਰ
ਕਿਸਾਨ ਮਜ਼ਦੂਰ ਏਕਤਾ ਯੂਨੀਅਨ ਸਰਹਿੰਦ ਵੱਲੋਂ ਅੱਜ ਯੂਨੀਅਨ ਦੇ ਪ੍ਰਧਾਨ ਕਮਲਦੀਪ ਸਿੰਘ ਦੀ ਅਗਵਾਈ ਹੇਠ ਟਰੈਕਟਰ ਰੈਲੀ ਕੱਢੀ ਗਈ। ਜਿਸ ਦੌਰਾਨ ਯੂਨੀਅਨ ਮੈਂਬਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਖੇਤੀ ਦੇ ਤਿੰਨ ਬਿੱਲਾਂ ਉਪਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਲਗਾਈ ਮੋਹਰ ਕਾਰਨ ਕਿਸਾਨ ਅਤੇ ਮਜ਼ਦੂਰਾਂ ਨੇ ਟਰੈਕਟਰ ਰੈਲੀ ਕੱਢ ਕੇ ਰੋਸ ਪ੍ਰਗਟ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨੀ ਸਬੰਧੀ ਲਿਆਂਦੇ ਗਏ ਕਾਲੇ ਕਾਨੂੰਨ ਕਿਸਾਨਾਂ, ਮੰਡੀਕਰਨ ਪ੍ਰਣਾਲੀ ਸਮੇਤ ਪੰਜਾਬ ਦੇ ਸਮੁੱਚੇ ਅਰਥਚਾਰੇ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਜਿੱਥੇ ਫ਼ਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਹੋਵੇਗਾ ਉੱਥੇ ਕਿਸਾਨ ਫ਼ਸਲਾਂ ਦੀਆਂ ਕੀਮਤਾਂ ਲਈ ਵਪਾਰੀਆਂ ‘ਤੇ ਨਿਰਭਰ ਹੋ ਜਾਣਗੇ। ਇਸ ਨਾਲ ਸਿਰਫ਼ ਕਿਸਾਨ ਹੀ ਨਹੀਂ ਆੜ੍ਹਤੀ, ਮਜ਼ਦੂਰ ਅਤੇ ਟਰਾਂਸਪੋਰਟਰ ਸਮੇਤ ਹਰ ਵਰਗ ਪ੍ਰਭਾਵਿਤ ਹੋਵੇਗਾ। ਇਸ ਮੌਕੇ ਰੈਲੀ ਵਿਚ ਦਵਿੰਦਰ ਸਿੰਘ, ਹਰਪਾਲ ਸਿੰਘ ਬਾਜਵਾ, ਜਸਵੀਰ ਸਿੰਘ, ਅੰਗਰੇਜ਼ ਸਿੰਘ, ਦਵਿੰਦਰ ਸਿੰਘ ਮਾਦੜਾ, ਬਲਦੀਪ ਸਿੰਘ, ਨਿਰਮਲ ਸਿੰਘ, ਸਵਰਨਜੀਤ ਸਿੰਘ, ਰੌਸ਼ਨ ਸਿੰਘ, ਚੰਦ ਸਿੰਘ, ਲਾਲਾ ਸੋਹੀ, ਰਣਜੀਤ ਸਿੰਘ, ਅਮਨਦੀਪ ਸਿੰਘ ਬਿੱਲੂ, ਸੁਖਮਨਦੀਪ ਸਿੰਘ, ਅਰਪਨਦੀਪ ਸਿੰਘ, ਬਿੰਦਾ ਨੰਬਰਦਾਰ, ਸੰਦੀਪ ਨੰਬਰਦਾਰ, ਬਿੱਟੂ ਧਾਲੀਵਾਲ, ਅਵਤਾਰ ਸਿੰਘ ਮਾਵੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ: ਸ਼ਰਮਾ
ਬਨੂੜ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਆਖਿਆ ਹੈ ਕਿ ਅਕਾਲੀ ਦਲ ਨੂੰ ਪੰਜਾਬ ਦੀ ਕਿਸਾਨੀ ਤੋਂ ਵੱਧ ਪਿਆਰਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਅਕਾਲੀ ਦਲ ਨੇ ਕਦੇ ਵੀ ਰਾਜਸੀ ਵਾਧੇ-ਘਾਟੇ ਨਹੀਂ ਵੇਖੇ ਅਤੇ ਹੁਣ ਵੀ ਕੁਰਸੀ ਅਤੇ ਗੱਠਜੋੜ ਛੱਡਣ ਤੋਂ ਗੁਰੇਜ਼ ਨਹੀਂ ਕੀਤਾ। ਉਹ ਅੱਜ ਦੁਪਹਿਰੇ ਇੱਥੋਂ ਦੇ ਬੰਨੋ ਮਾਈ ਮੰਦਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨ ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਖਤਮ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਆਰ-ਪਾਰ ਦੀ ਲੜਾਈ ਲੜੇਗਾ। ਉਨ੍ਹਾਂ ਪਾਰਟੀ ਦੀ ਬਨੂੜ ਇਕਾਈ ਦਾ ਅਗਲੇ ਦੋ ਚਾਰ ਦਿਨਾਂ ਵਿੱਚ ਐਲਾਨ ਕਰਨ ਦੀ ਗੱਲ ਵੀ ਆਖੀ।
ਰੋਸ ਮਾਰਚ ਦੀ ਲਾਮਬੰਦੀ ਲਈ ਮੀਟਿੰਗਾਂ
ਮੰਡੀ ਗੋਬਿੰਦਗੜ੍ਹ (ਨਿੱਜੀ ਪੱਤਰ ਪ੍ਰੇਰਕ): ‘ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਅਕਤੂਬਰ ਨੂੰ ਕਿਸਾਨਾਂ-ਮਜ਼ਦੂਰਾਂ ਦੇ ਹੱਕ ਵਿੱਚ ਮੋਹਾਲੀ ਤੱਕ ਕੱਢੇ ਜਾ ਰਹੇ ਟਰੈਕਟਰ ਰੋਸ ਮਾਰਚ ਸਬੰਧੀ ਹਲਕਾ ਅਮਲੋਹ ਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।’ ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡਾਂ ਵਿੱਚ ਮੀਟਿੰਗਾਂ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ’ਤੇ ਪਹਿਰਾ ਦਿੰਦਾ ਆ ਰਿਹਾ ਹੈ। ਮੀਟਿੰਗਾਂ ਵਿੱਚ ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਕਰਨੈਲ ਸਿੰਘ ਨਿਊਆ, ਲਖਬੀਰ ਸਿੰਘ ਜੱਲੋਵਾਲ ਅਤੇ ਕੁਲਵਿੰਦਰ ਸਿੰਘ ਸਲਾਣੀ ਹਾਜ਼ਰ ਸਨ।