ਐੱਸ ਐੱਸ ਸੱਤੀ
ਮਸਤੂਆਣਾ ਸਾਹਿਬ, 14 ਸਤੰਬਰ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂਆਂ ਨੇ ਅੱਜ ਲਾਪਤਾ ਹੋਏ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਬਾਰੇ ਸਚਾਈ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਜਵਾਬ ਮੰਗਿਆ ਹੈ। ਇਸ ਮੌਕੇ ਪਾਰਟੀ ਆਗੂਆਂ ਤੋਂ ਇਲਾਵਾ ਧਾਰਮਿਕ, ਸਮਾਜਿਕ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਚਾਇਤਾਂ ਤੇ ਕਲੱਬਾਂ ਦੇ ਨੁਮਾਇੰਦਿਆਂ ਨੇ ਸ੍ਰੀ ਲੌਂਗੋਵਾਲ ਦੀ ਰਿਹਾਇਸ਼ ਵੱਲ ਚਾਲੇ ਪਾਏ। ਇਸ ਤੋਂ ਇਲਾਵਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਸਿਹਤਯਾਬੀ ਲਈ ਕਰਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਵਿਚ ਇੱਕ ਜਥੇ ਦੇ ਰੂਪ ਵਿਚ ਰਵਾਨਾ ਹੋਈਆਂ ਸੰਗਤਾਂ ਨੇ ਗੁਰਬਾਣੀ ਦਾ ਜਾਪ ਕੀਤਾ। ਜਥੇਦਾਰ ਸੇਖਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸੁੱਤੀ ਪਈ ਜ਼ਮੀਰ ਨੂੰ ਜਗਾਉਣ ਆਈ ਹੈ। ਇਸ ਮੌਕੇ ਸਾਬਕਾ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਜਥੇਦਾਰ ਗੁਰਬਚਨ ਸਿੰਘ ਬਚੀ, ਜਥੇਦਾਰ ਰਾਜਿੰਦਰ ਸਿੰਘ ਕਾਂਝਲਾ, ਸੁਖਵੰਤ ਸਿੰਘ ਸਰਾਓ, ਰਣਧੀਰ ਸਿੰਘ ਰੱਖੜਾ, ਭਾਈ ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲ, ਨਿਧੜਕ ਸਿੰਘ ਬਰਾੜ, ਜਸਵੰਤ ਸਿੰਘ ਖਹਿਰਾ, ਜਸਟਿਸ ਨਿਰਮਲ ਸਿੰਘ, ਗੁਰਸੇਵ ਸਿੰਘ ਹਰਪਾਲਪੁਰ ਆਦਿ ਸ਼ਾਮਲ ਸਨ। ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਗੁੰਮ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੀ ਜਵਾਬਦੇਹੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਕਰਨ ਦੀ ਬਜਾਏ ਕਿਸੇ ਏਜੰਸੀ ਕੋਲ ਭੇਜਿਆ ਜਾਵੇ ਤਾਂ ਕਿ ਨਿਰਪੱਖ ਜਾਂਚ ਹੋ ਸਕੇ।
ਅਕਾਲੀ ਦਲ ਡੈਮੋਕ੍ਰੈਟਿਕ ਰਾਜਨੀਤੀ ਕਰ ਰਿਹੈ: ਲੌਂਗੋਵਾਲ
ਲੌਂਗੋਵਾਲ (ਜਗਤਾਰ ਸਿੰਘ ਨਹਿਲ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗ੍ਰਹਿ ਵਿਖੇ ਪਾਵਨ ਸਰੂਪਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਪਹਿਲਾਂ ਭਾਈ ਲੌਂਗੋਵਾਲ ਨੇ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂਆਂ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿਚ ਦੱਸਿਆ ਗਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਕਰਵਾਈ ਗਈ ਜਾਂਚ ਤੋਂ ਸਪਸ਼ਟ ਹੋ ਚੁੱਕਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਾ ਹੀ ਕਿਧਰੇ ਗਾਇਬ ਹੋਏ ਹਨ ਅਤੇ ਨਾ ਹੀ ਪਾਵਨ ਸਰੂਪਾਂ ਦੀ ਕੋਈ ਬੇਅਦਬੀ ਹੋਈ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਡੈਮੋਕ੍ਰੈਟਿਕ ਵੱਲੋਂ ਇਸ ਮਾਮਲੇ ’ਤੇ ਸੌੜੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਬਲਦੇਵ ਸਿੰਘ ਮਾਨ, ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ, ਜਥੇਦਾਰ ਉਦੇ ਸਿੰਘ ਹਾਜ਼ਰ ਸਨ। ਦੂਜੇ ਪਾਸੇ ਭਾਈ ਲੌਂਗੋਵਾਲ ਦੀ ਰਿਹਾਇਸ਼ ’ਤੇ ਪਹੁੰਚਣ ਤੋਂ ਪਹਿਲਾਂ ਹੀ ਜਥੇ ਦੀ ਗਿਣਤੀ ਨੂੰ ਪ੍ਰਸ਼ਾਸਨ ਨੇ ਸੀਮਤ ਕਰ ਦਿੱਤਾ। ਜਥੇਦਾਰ ਸੇਖਵਾਂ ਨੇ ਕਿਹਾ ਕਿ ਇਕੱਠ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ। ਜਥੇ ਨੇ ਭਾਈ ਲੌਂਗੋਵਾਲ ਨੂੰ ਮੰਗ ਪੱਤਰ ਦਿੱਤਾ।