ਸੁਭਾਸ਼ ਚੰਦਰ
ਸਮਾਣਾ, 27 ਸਤੰਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਖਿਲਾਫ਼ ਕਿਸਾਨ ਸੰਗਠਨਾਂ ਵੱਲੋਂ ਵਿੱਢੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਪੰਜਾਬ ਏਕਤਾ ਪਾਰਟੀ ਵੱਲੋਂ ਅਨਾਜ ਮੰਡੀ ਵਿੱਚ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਕੇ ਸੰਸਦ ਵਿੱਚ ਪਾਸ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਪੰਜਾਬ ਏਕਤਾ ਪਾਰਟੀ ਦੇ ਜਨਰਲ ਸਕੱਤਰ ਰਛਪਾਲ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਲਗਾਏ ਗਏ ਇਸ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲ ਕਿਸਾਨਾਂ ਨੂੰ ਬਰਬਾਦ ਕਰਨ ਵਾਲਾ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਬਿੱਲਾਂ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦੇਣੀ ਚਾਹੀਦੀ ਹੈ। ਕਿਸੇ ਵੀ ਸਾਂਝੇੇ ਸੰਘਰਸ਼ ਲਈ ਸਾਡੀ ਪਾਰਟੀ ਵੀ ਮੁਦਈ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਲੜਾਈ ਪੰਜਾਬ ਦੇ ਭਵਿੱਖ ਦੀ ਹੈ ਤੇ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਿਸਾਨ ਜਥੇਬੰਦੀਆਂ ਦੀ ਹਮਾਇਤ ਕਰਨੀ ਚਾਹੀਦੀ ਹੈ। ਜੇਕਰ ਅਸੀਂ ਹੁਣ ਵੀ ਇੱਕ ਨਾ ਹੋਏ ਤਾਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਗਿਣੀ-ਮਿਥੀ ਸਾਜ਼ਿਸ਼ ਤਹਿਤ ਸੂਬੇ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੇ ਹਾਲਾਤ ਵਿਗੜਦੇ ਹਨ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ ਅਤੇ ਪੰਜਾਬ ਵਾਸੀਆਂ ਨੂੰ ਆਰ-ਪਾਰ ਦੀ ਲੜਾਈ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਰਛਪਾਲ ਸਿੰਘ ਜੌੜਾਮਾਜਰਾ ਤੇ ਜਗਦੇਵ ਸਿੰਘ ਕਮਾਲੂ ਵਿਧਾਇਕ ਮੋੜ ਨੇ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਪਾਰਟੀਆਂ ਇਨ੍ਹਾਂ ਬਿੱਲਾਂ ਦਾ ਸਮੇਂ ਸਿਰ ਵਿਰੋਧ ਕਰਦੀਆਂ ਤਾਂ ਅੱਜ ਕਿਸਾਨਾਂ ਨੂੰ ਸੜਕਾਂ ’ਤੇ ਨਾ ਰੁਲਣਾ ਪੈਂਦਾ।